ਭਾਰਤੀ ਮੌਸਮ ਵਿਭਾਗ (IMD) ਨੇ 15-16 ਨਵੰਬਰ ਨੂੰ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਵਿਚ ਕੁਝ ਥਾਵਾਂ ਉਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਮੱਦੇਨਜ਼ਰ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ), ਭਾਰਤੀ ਤੱਟ ਰੱਖਿਅਕ (ਆਈਸੀਜੀ) ਅਤੇ ਜਲ ਸੈਨਾ ਦੀਆਂ ਸਾਰੀਆਂ ਇਕਾਈਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।
ਐਤਵਾਰ ਤੋਂ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪਰ 15 ਅਤੇ 16 ਨਵੰਬਰ ਨੂੰ ਪੋਰਟ ਬਲੇਅਰ, ਕੈਂਪਬੈਲ ਬੇ, ਕਮੋਰਟਾ ਅਤੇ ਡਿਗਲੀਪੁਰ ਸਮੇਤ ਟਾਪੂ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਦੇ ਕਹਿਰ ਦੀ ਸੰਭਾਵਨਾ ਹੈ।
ਆਫ਼ਤ ਪ੍ਰਬੰਧਨ ਡਾਇਰੈਕਟੋਰੇਟ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਖ਼ਰਾਬ ਮੌਸਮ ਕਾਰਨ ਅੰਡੇਮਾਨ ਸਾਗਰ ਵਿਚ ਹਵਾ ਦੀ ਰਫ਼ਤਾਰ 45 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਸੈਲਾਨੀਆਂ ਨੂੰ ਘਰ ਦੇ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ। ਖਰਾਬ ਮੌਸਮ ਕਾਰਨ ਕੋਲਕਾਤਾ, ਦਿੱਲੀ, ਵਿਸ਼ਾਖਾਪਟਨਮ ਅਤੇ ਚੇਨਈ ਤੋਂ ਪੋਰਟ ਬਲੇਅਰ ਜਾਣ ਵਾਲੀ ਫਲਾਈਟ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਤੱਕ ਪੱਛਮੀ ਹਿਮਾਲੀਅਨ ਖੇਤਰ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਭਾਰਤ ਦੇ ਰਾਜਾਂ ਵਿਚ ਤਾਪਮਾਨ ਵਿੱਚ ਕੁਝ ਡਿਗਰੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
14 ਨਵੰਬਰ ਨੂੰ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼/ਬਰਫ਼ਬਾਰੀ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ ਉਤੇ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।
14 ਨਵੰਬਰ, 2022 ਨੂੰ ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਬਾਅਦ ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Weather