ਜਤਿਨ ਸ਼ਰਮਾ
ਪਠਾਨਕੋਟ: ਮਹੀਨਾ ਜਨਵਰੀ -ਫਰਵਰੀ ਦੌਰਾਨ ਬੇਮੌਸਮੀ ਬਾਰਸ਼ਾਂ ਅਤੇ ਬੱਦਲਵਾਈ ਰਹਿਣ ਕਾਰਨ ਕਣਕ ਦੀ ਫਸਲ ਪੀਲੀ ਕੁੰਗੀ ਨਾਲ ਪ੍ਰਭਾਵਤ ਹੋਣ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕੜਨ ਦੀ ਜ਼ਰੂਰਤ ਹੈ ਤਾਂ ਜੋ ਪੀਲੀ ਕੁੰਗੀ ਬਿਮਾਰੀ ਨੂੰ ਅਗਾਂਹ ਫੈਲਣ ਤੋਂ ਰੋਕਿਆ ਜਾ ਸਕੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪਿੰਡ ਬਸਰੂਪ ਵਿੱਚ ਹਾੜੀ ਦੀਆ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਨਾਲ ਸੰਬੰਧਤ ਸਮੱਸਿਆਵਾਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਕਹੇ।
ਇਸ ਮੌਕੇ ਗੁਰਦਿੱਤ ਸਿੰਘ, ਉੱਤਮਚੰਦ, ਦਿਲਬਾਗ ਸਿੰਘ,ਅਸ਼ੋਕ ਕੁਮਾਰ,ਗਗਨ ਨਾਥ, ਸਮੇਤ ਹੋਰ ਕਿਸਾਨ ਹਾਜ਼ਰ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ,ਜਿਸ ਬਾਰੇ ਕਿਸਾਨਾਂ ਨੂੰ ਚੇਤੰਨ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਆਵੇ ਤਾਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।
ਉਨਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ, ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ 'ਤੇ ਪੀਲਾ ਪਾਊਡਰ ਲੱਗ ਜਾਂਦਾ ਹੈ।
ਉਨਾਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਫਸਲ ਪ੍ਰਭਾਵਤ ਹਿੱਸੇ 'ਤੇ ਛਿੜਕਾਅ ਕਰ ਦੇਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Pathankot, Punjab