ਜਤਿਨ ਸ਼ਰਮਾ
ਪਠਾਨਕੋਟ: ਜਿੱਥੇ ਇੱਕ ਪਾਸੇ ਪੰਜਾਬ (Punjab) ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਹੀ ਪਠਾਨਕੋਟ (Pathankot) ਦਾ ਕਿਸਾਨ ਪੰਜਾਬ ਅਤੇ ਹੋਰ ਕਿਸਾਨਾਂ ਲਈ ਮਿਸਾਲ ਬਣ ਗਿਆ ਹੈ। ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਕਟਾਈ ਦੇ ਨਾਲ-ਨਾਲ ਪੰਜਾਬ ਵਿੱਚ ਕਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ ਪਰ ਪਠਾਨਕੋਟ ਦੇ ਕਿਸਾਨਾਂ ਨੇ ਅੱਜ ਤੱਕ ਪਰਾਲੀ ਨੂੰ ਅੱਗ ਨਹੀਂ ਲਗਾਈ, ਜਿਸ ਕਾਰਨ ਅੱਜ ਤੱਕ ਪਠਾਨਕੋਟ ਵਿੱਚ ਇੱਕ ਵੀ ਕਿਸਾਨ ਵੱਲੋਂ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਨਹੀਂ ਆਇਆ।
ਪਠਾਨਕੋਟ ਦੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਨੂੰ ਉਪਜਾਊ ਬਣਾਉਣ ਵਿੱਚ ਯੋਗਦਾਨ ਪਾ ਰਹੇ
ਇੱਕ ਪਾਸੇ ਜਿੱਥੇ ਪਰਾਲੀ ਸਾੜਨ ਨਾਲ ਵਾਤਾਵਰਨ (Environment) ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਇਸ ਪਰਾਲੀ ਨੂੰ ਖੇਤਾਂ ਵਿੱਚ ਦਬਾਉਣ ਨਾਲ ਜ਼ਮੀਨ ਵੀ ਉਪਜਾਊ ਹੁੰਦੀ ਹੈ, ਪਰ ਇਸ ਦੇ ਬਾਵਜੂਦ ਕਈ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਫੈਲਾ ਰਹੇ ਹਨ, ਨਾਲ ਹੀ ਉਪਜਾਊ ਸ਼ਕਤੀ ਨੂੰ ਵੀ ਘਟਾ ਰਹੇ ਹਨ। ਜਦੋਂ ਕਿ ਪਠਾਨਕੋਟ ਦੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਨੂੰ ਉਪਜਾਊ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ। ਇਹੋ ਕਿਸਾਨ ਸੂਬੇ ਅਤੇ ਦੇਸ਼ ਦੇ ਕਿਸਾਨਾਂ ਲਈ ਇਕ ਮਿਸਾਲ ਬਣ ਗਏ ਹਨ, ਜਿਸ ਬਾਰੇ ਕਿਸਾਨਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਦਬਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ।
ਪਠਾਨਕੋਟ ਨਾਲ ਸਬੰਧਤ ਕਿਸਾਨ ਹੋਰਾਂ ਲਈ ਇੱਕ ਮਿਸਾਲ
ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ: ਅਮਰੀਕ ਸਿੰਘ ਨੇ ਕਿਹਾ ਕਿ ਪਠਾਨਕੋਟ ਵਿੱਚ ਹੁਣ ਤੱਕ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਪਠਾਨਕੋਟ ਨਾਲ ਸਬੰਧਤ ਕਿਸਾਨ ਹੋਰਾਂ ਲਈ ਇੱਕ ਮਿਸਾਲ ਕਾਇਮ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Farmer, Paddy, Paddy straw, Paddy Straw Burning, Pathankot