ਆਪਣਾ ਜ਼ਿਲ੍ਹਾ ਚੁਣੋ (ਪਠਾਨਕੋਟ)
ਪਠਾਨਕੋਟ: ਇੱਕ ਪਾਸੇ ਜਿੱਥੇ 23 ਮਾਰਚ ਨੂੰ ਭਾਰਤ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦਾ 93ਵਾਂ ਸ਼ਹੀਦੀ ਦਿਵਸ ਮਨਾ ਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਦੇ ਅਮਨ ਪਸੰਦ ਜ਼ਿਲ੍ਹੇ ਪਠਾਨਕੋਟ ਵਿੱਚ ਸ਼ਿਵ ਸੈਨਾ ਅਤੇ ਸ਼ਹੀਦ ਭਗਤ ਸਿੰਘ ਇੰਕਲਾਬ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਰਾਮ ਲੀਲਾ ਮੈਦਾਨ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਮਾਰਚ ਪ੍ਰੋਗਰਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੋਕ ਦਿੱਤਾ।
ਪੁਲਿਸ ਪ੍ਰਸ਼ਾਸਨ ਨੇ ਸ਼ਿਵ ਸੈਨਾ ਆਗੂਆਂ ਅਤੇ ਪ੍ਰਬੰਧਕਾਂ ਨੂੰ ਪ੍ਰੋਗਰਾਮ ਰੱਦ ਕਰਨ ਦੀ ਦਲੀਲ ਦਿੰਦਿਆਂ ਕਿਹਾ ਕਿ ਪੰਜਾਬ ਦਾ ਮਾਹੌਲ ਠੀਕ ਨਹੀਂ ਹੈ, ਇਸ ਲਈ ਤੁਸੀਂ ਇਹ ਪ੍ਰੋਗਰਾਮ ਰੱਦ ਕਰ ਦਿਓ। ਪ੍ਰਬੰਧਕਾਂ ਨੇ ਕਿਹਾ ਕਿ ਅਸੀਂ ਮਾਰਚ ਨਹੀਂ ਕੱਢਾਂਗੇ ਅਤੇ ਗਰਾਊਂਡ ਦੇ ਅੰਦਰ ਹੀ ਪ੍ਰੋਗਰਾਮ ਕਰਾਂਗੇ, ਪਰ ਫਿਰ ਵੀ ਪੁਲਿਸ ਪ੍ਰਸ਼ਾਸਨ ਨੇ ਪ੍ਰੋਗਰਾਮ ਨਹੀਂ ਹੋਣ ਦਿੱਤਾ।
ਪ੍ਰੋਗਰਾਮ ਦੇ ਪ੍ਰਬੰਧਕਾਂ ਅਮਿਤ ਅਗਰਵਾਲ ਅਤੇ ਅਸ਼ਵਨੀ ਜੌੜਾ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਇੱਕ ਮਹੀਨੇ ਤੋਂ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਵਿਚ ਅਤੇ ਪ੍ਰੋਗਰਾਮ ਵਾਲੀ ਥਾਂ 'ਤੇ ਬੈਨਰ, ਫਲੈਕਸ ਝੰਡੇ ਅਤੇ ਪੰਡਾਲ ਵੀ ਲਗਾਏ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸ਼ਹੀਦਾਂ ਦੇ ਰਿਸ਼ਤੇਦਾਰਾਂ ਸਨਮਾਨਿਤ ਕਰਨ ਲਈਨੂੰ ਬੁਲਾਇਆ ਗਿਆ ਸੀ ਅਤੇ ਕਈ ਸੰਸਥਾਵਾਂ ਦੇ ਆਗੂਆਂ ਅਤੇ ਸਕੂਲੀ ਬੱਚਿਆਂ ਨੂੰ ਵੀ ਪ੍ਰੋਗਰਾਮ ਵਿੱਚ ਬੁਲਾਇਆ ਗਿਆ ਸੀ ਪਰ ਹੁਣ ਮੌਕੇ ’ਤੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸਾਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਰੱਦ ਕਰਨ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਜੇਕਰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਖੜਕਲ ਕਲਾਂ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਤਾਂ ਪਠਾਨਕੋਟ ਵਰਗੇ ਸ਼ਾਂਤਮਈ ਜ਼ਿਲ੍ਹੇ ਵਿੱਚ ਪ੍ਰੋਗਰਾਮ ਰੱਦ ਕਰਨ ਨਾਲ ਲੋਕਾਂ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਗਿਆ ਸਗੋਂ ਪ੍ਰਸ਼ਾਸਨ ਨੂੰ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ ਕਰਵਾਉਣ ਲਈ ਸਹਿਯੋਗ ਦੇਣਾ ਚਾਹੀਦਾ ਸੀ।
ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਆਪਣੇ ਕੁਝ ਅਹੁਦੇਦਾਰਾਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਸਮਾਰਕ 'ਤੇ ਮਸ਼ਾਲ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।