ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਪੂਰੀ ਤਰਾਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ।
‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੁਝ ਲੋਕਾਂ ਨੇ ਇਹ ਕਿਹਾ ਕਿ ਜੰਗਲ ਨੂੰ ਉਜਾੜਿਆ ਜਾਵੇਗਾ ਜਦਕਿ ਇਸ ਗੱਲ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ।’’
ਉਨਾਂ ਦੱਸਿਆ ਕਿ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ। ਉਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਐਕੁਵਾਇਰ ਕੀਤੀ ਜ਼ਮੀਨ ਵਿੱਚ ਮੱਤੇਵਾੜਾ ਜੰਗਲ ਦੇ 2,300 ਏਕੜ ਵਿੱਚੋਂ ਇਕ ਇੰਚ ਜ਼ਮੀਨ ਵੀ ਸ਼ਾਮਲ ਨਹੀਂ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੀ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ 75 ਲੱਖ ਬੂਟੇ ਲਾਏ ਜਾਣ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਉਹ ਖੁਦ ਵੀ ਪੰਜਾਬ ਨੂੰ ਹੋਰ ਹਰਿਆ-ਭਰਿਆ ਦੇਖਣਾ ਚਾਹੁੰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਖਦਸ਼ਿਆਂ ਕਿ ਉਦਯੋਗਿਕ ਪਾਰਕ ਦੀ ਰਹਿੰਦ-ਖੂੰਹਦ ਸਤਲੁਜ ਦਰਿਆ ਵਿੱਚ ਪਾ ਦਿੱਤੀ ਜਾਵੇਗੀ, ਨੂੰ ਦੂਰ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਤਾਜ਼ਾ ਨੇਮਾਂ ਮੁਤਾਬਕਾਂ ਆਧੁਨਿਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਉਦਯੋਗਿਕ ਪਾਰਕ ਨੂੰ ਵਿਕਸਤ ਕਰਨ ਦਾ ਉਦੇਸ਼ ਆਲਾ ਦਰਜੇ ਦਾ ਇੰਡਸਟਰੀਅਲ ਅਸਟੇਟ ਬਣਾਉਣਾ ਹੈ ਜਿੱਥੇ ਲੁਧਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਵਧੀਆ ਨੌਕਰੀਆਂ ਮਿਲ ਸਕਦੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।