Home /News /punjab /

ਅੰਮ੍ਰਿਤਸਰ ਦੇ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ 6 ਮੌਤਾਂ, ਪਰਿਵਾਰ ਵੱਲੋਂ ਭਾਰੀ ਹੰਗਾਮਾ

ਅੰਮ੍ਰਿਤਸਰ ਦੇ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ 6 ਮੌਤਾਂ, ਪਰਿਵਾਰ ਵੱਲੋਂ ਭਾਰੀ ਹੰਗਾਮਾ

  • Share this:

ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਨੀਲਕੰਠ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਮਿਲਦਿਆਂ ਹੀ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿੱਚ ਹੰਗਾਮਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜਦੋਂ ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਤੋਂ ਲਿਖ ਕੇ ਦਾਖਲ ਕੀਤਾ ਸੀ।।

ਇਸ ਵਿਚ ਕਿਹਾ ਗਿਆ ਸੀ ਕਿ ਜੇ ਹਸਪਤਾਲ ਵਿਚ ਆਕਸੀਜਨ ਦੀ ਘਾਟ ਕਾਰਨ ਮਰੀਜ਼ ਨੂੰ ਕੁਝ ਹੁੰਦਾ ਹੈ ਤਾਂ ਹਸਪਤਾਲ ਪ੍ਰਸ਼ਾਸਨ ਇਸ ਲਈ ਜ਼ਿੰਮੇਵਾਰ ਨਹੀਂ ਹੋਵੇਗਾ। ਦੂਜੇ ਪਾਸੇ ਸਿਹਤ ਅਧਿਕਾਰੀਆਂ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਦੇਸ਼ ਦੇ ਕਈ ਹਿੱਸਿਆਂ ਵਿਚ ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਬੈਠਕ ਵੀ ਕੀਤੀ।

ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਹਸਪਤਾਲ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹੋਏ ਹਨ। ਹਸਪਤਾਲ ਦੇ ਐਮਡੀ ਸੁਨੀਲ ਦੇਵਗਨ ਨੇ ਪ੍ਰਸ਼ਾਸਨ ‘ਤੇ ਆਕਸੀਜਨ ਦੀ ਵੰਡ ਨੂੰ ਲੈ ਕੇ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਿਰਫ ਸਰਕਾਰੀ ਹਸਪਤਾਲਾਂ ਨੂੰ ਆਕਸੀਜਨ ਮੁਹੱਈਆ ਕਰਵਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦੇ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਹੈ।

ਸੁਨੀਲ ਦੇਵਗਨ ਨੇ ਕਿਹਾ ਕਿ ਅਸੀਂ ਦੋਹਰੇ ਸੰਕਟ ਵਿਚੋਂ ਗੁਜ਼ਰ ਰਹੇ ਹਾਂ, ਜੇ ਅਸੀਂ ਮਰੀਜ਼ਾਂ ਦਾ ਇਲਾਜ ਨਹੀਂ ਕਰਦੇ ਤਾਂ ਉਨ੍ਹਾਂ ਦੇ ਪਰਿਵਾਰ ਜ਼ਬਰਦਸਤੀ ਇਲਾਜ ਲਈ ਦਬਾਅ ਪਾ ਰਹੇ ਹਨ। ਇਹੀ ਕਾਰਨ ਹੈ ਕਿ ਮਰੀਜ਼ਾਂ ਤੋਂ ਅੰਡਰਟੇਕਿੰਗ ਲਿਆ ਜਾ ਰਿਹਾ ਹੈ।

ਮੰਤਰੀ ਓਪੀ ਸੋਨੀ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਈਆਂ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਹਸਪਤਾਲ ਦੇ ਪ੍ਰਬੰਧਾਂ ਵਿੱਚ ਕਈ ਖਾਮੀਆਂ ਪਾਈਆਂ ਗਈਆਂ ਹਨ।

ਉਧਰ, ਅੰਮ੍ਰਿਤਸਰ ਦੇ ਸਿਵਿਲ ਸਰਜਨ ਡਾਕਟਰ ਚਰਨਜੀਤ ਸਿੰਘ ਵੱਲੋਂ ਵੀ ਹਸਪਤਾਲ ਪਹੁੰਚ ਕੇ ਡਾਕਟਰਾਂ ਨਾਲ ਪੁੱਛਗਿੱਛ ਕੀਤੀ ਗਈ ਅਤੇ ਹਸਪਤਾਲ ਦਾ ਰਿਕਾਰਡ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Published by:Gurwinder Singh
First published:

Tags: Coronavirus, Oxygen