ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੜ ਵਿਭਾਗ ਦੇ ਕੰਮਕਾਜ ਵਿੱਚ ਪੂਰਣ ਪਾਰਦਰਸ਼ਤਾ ਲਿਆਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾ ਰਹੇ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਪ੍ਰਣ ਲਿਆ। ਇੱਥੇ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਵਜੋਂ ਆਪਣੀਆਂ 21 ਦਿਨਾਂ ਦੀਆਂ ਪ੍ਰਾਪਤੀਆਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟਰਾਂਸਪੋਰਟ ਵਿਭਾਗ ਨੇ ਆਪਣੀ ਆਮਦਨੀ ਵਿੱਚ 17.24 ਫ਼ੀਸਦੀ ਵਾਧੇ ਨਾਲ ਮੁੜ ਰਫ਼ਤਾਰ ਫੜੀ ਹੈ। ਇਹ ਵਾਧਾ 15 ਅਕਤੂਬਰ ਤੱਕ 7.98 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ ਕਰੀਬ 53 ਲੱਖ ਰੁਪਏ ਦਾ ਵਾਧਾ ਹੋਇਆ ਹੈ। 15 ਸਤੰਬਰ ਤੋਂ 30 ਸਤੰਬਰ ਤੱਕ ਵਿਭਾਗ ਨੂੰ 46.28 ਕਰੋੜ ਰੁਪਏ ਆਮਦਨ ਹੋਈ ਜਦ ਕਿ 1 ਅਕਤੂਬਰ ਤੋਂ 15 ਅਕਤੂਬਰ ਤੱਕ 54.26 ਕਰੋੜ ਰੁਪਏ ਰੋਜ਼ਾਨਾ ਆਮਦਨ ਦਰਜ ਕੀਤੀ ਗਈ।
ਟੈਕਸ ਡਿਫ਼ਾਲਟਰਾਂ ਅਤੇ ਗ਼ੈਰ-ਕਾਨੂੰਨੀ ਪਰਮਿਟ ਧਾਰਕਾਂ ਵਿਰੁੱਧ ਕਾਰਵਾਈ ਨੂੰ ਜਾਇਜ਼ ਕਰਾਰ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਲਈ ਦਾਲ ਵਿੱਚੋਂ ਕੋਕੜੂਆਂ ਦੀ ਛਾਂਟੀ ਬਹੁਤ ਜ਼ਰੂਰੀ ਸੀ ਕਿਉਂਕਿ ਡਿਫ਼ਾਲਟਰ ਬੱਸ ਆਪ੍ਰੇਟਰ ਪਿਛਲੇ 10 ਮਹੀਨਿਆਂ ਤੋਂ ਜਿਸ ਟੈਕਸ ਨੂੰ ਦੇਣ ਤੋਂ ਟਾਲਾ ਵੱਟ ਰਹੇ ਹਨ, ਉਹ ਉਨ੍ਹਾਂ ਨੇ ਪਹਿਲਾਂ ਹੀ ਸਵਾਰੀਆਂ ਤੋਂ ਟਿਕਟਾਂ ਦੇ ਰੂਪ ਵਿੱਚ ਵਸੂਲਿਆ ਹੋਇਆ ਹੈ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕਿ ਟੈਕਸਾਂ ਦਾ ਭੁਗਤਾਨ ਨਾ ਕਰਨ, ਗ਼ੈਰ-ਕਾਨੂੰਨੀ ਪਰਮਿਟ, ਦਸਤਾਵੇਜ਼ ਆਦਿ ਦੀ ਘਾਟ ਕਾਰਨ ਹੁਣ ਤੱਕ ਲਗਭਗ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਜਾਂ ਚਲਾਨ ਕੀਤਾ ਗਿਆ। ਡਿਫ਼ਾਲਟਰਾਂ ਵਿਰੁੱਧ ਸਖ਼ਤੀ ਪਿੱਛੋਂ ਵਿਭਾਗ ਨੇ ਲੰਬਤ ਸਰਕਾਰੀ ਟੈਕਸ ਦੀ 3.29 ਕਰੋੜ ਰੁਪਏ ਦੀ ਰਕਮ ਵਸੂਲੀ ਕੀਤੀ ਹੈ ਅਤੇ ਇਸ ਵਿੱਚ ਵੱਡੀ ਰਕਮ ਵੱਡੀਆਂ ਕੰਪਨੀਆਂ/ਆਪ੍ਰੇਟਰਾਂ ਵੱਲੋਂ ਜਮ੍ਹਾਂ ਕਰਵਾਈ ਗਈ ਹੈ। ਸ੍ਰੀ ਰਾਜਾ ਵੜਿੰਗ ਨੇ ਉਚੇਚੇ ਤੌਰ ‘ਤੇ ਕਿਹਾ, “ਵਿਰੋਧੀ ਪਾਰਟੀਆਂ ਦੇ ਕਿਸੇ ਵੀ ਨੇਤਾ ਨੇ ਇਹ ਦਾਅਵਾ ਨਹੀਂ ਕੀਤਾ ਕਿ ਅਸੀਂ ਟੈਕਸ ਡਿਫ਼ਾਲਟਰਾਂ ਵਿਰੁੱਧ ਸਖ਼ਤੀ ਅਪਣਾ ਕੇ ਕੁਝ ਗ਼ਲਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਵਿਭਾਗ ਨੇ ਆਰ.ਟੀ.ਏ. ਦੇ ਨਾਲ-ਨਾਲ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਵੀ ਵਧੇਰੇ ਸ਼ਕਤੀਆਂ ਦਿੰਦਿਆਂ ਉਨ੍ਹਾਂ ਨੂੰ ਬੱਸ ਸਟੈਂਡ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਵਿੱਚ ਵਾਹਨਾਂ ਦੀ ਜਾਂਚ ਕਰਨ ਦੇ ਅਧਿਕਾਰ ਦਿੱਤੇ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।