ਗੁਰਦੀਪ ਸਿੰਘ
ਪੰਜਾਬ ਸਰਕਾਰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਜਿ਼ਲ੍ਹੇ ਦੇ ਪਿੰਡ ਭਗੜਾਣਾ ਵਿਖੇ 5 ਏਕੜ ਰਕਬੇ ਵਿੱਚ 8 ਕਰੋੜ ਦੀ ਲਾਗਤ ਨਾਲ ਨਵੀਂ ਆਈ.ਟੀ.ਆਈ. ਦਾ ਨਿਰਮਾਣ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਤਕਨੀਕੀ ਸਿਖਲਾਈ ਦੇਣ ਲਈ 4 ਕਰੋੜ ਦੀ ਲਾਗਤ ਨਾਲ ਆਧੁਨਿਕ ਮਸ਼ੀਨਾ ਲਗਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪਿੰਡ ਭਗੜਾਣਾ ਵਿਖੇ ਆਈ.ਟੀ.ਆਈ. ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਆਈ.ਟੀ.ਆਈ. ਦੋ ਮੰਜਿਲਾ ਹੋਵੇਗੀ ਅਤੇ ਲੋੜ ਪੈਣ ’ਤੇ ਇਸ ਵਿੱਚ ਹੋਰ ਵਾਧਾ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਦੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਵੀ ਲਗਾਏ ਜਾਣਗੇ ਤਾਂ ਜੋ ਸਿਖਿਆਰਥੀਆਂ ਨੂੰ ਸਵੱਛ ਵਾਤਾਵਰਣ ਉਪਲਬਧ ਹੋ ਸਕੇ। ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਨੂੰ ਉਸ ਵਿੱਚ ਰਹਿਣ ਵਾਲਿਆਂ ਦੇ ਨਾਮ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ. ਤੇ ਗਰੀਬਾਂ ਦੇ ਬੱਚਿਆਂ ਲਈ ਨਵੀਂ ਸਕਾਲਰਸਿ਼ਪ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਪੀ.ਐਚ.ਡੀ. ਤੱਕ ਦੀ ਪੜਾਈ ਮੁਫਤ ਕਰਵਾਈ ਜਾਵੇਗੀ।
ਉਨ੍ਹਾਂ ਇਸ ਮੌਕੇ ਪਿੰਡ ਭਗੜਾਣਾ ਦੇ ਵਿਕਾਸ ਲਈ ਚਮਕੌਰ ਸਾਹਿਬ ਵਿਖੇ 40 ਸਿੰਘਾਂ ਵਿੱਚ ਸ਼ਹੀਦ ਹੋਏ ਭਾਈ ਕੋਠਾ ਸਿੰਘ ਤੇ ਭਾਈ ਮਦਨ ਸਿੰਘ ਦੀ ਯਾਦ ਵਿੱਚ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ,ਜਿਲਾ ਪ੍ਰਧਾਨ ਸ਼ੁਭਾਸ਼ ਸੂਦ,ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੋਬੀ,ਵਾਇਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ,ਬਲਾਕ ਸੰਮਤੀ ਖੇੜਾ ਦੇ ਚੇਅਰਮੈਨ ਗੁਰਮੇਲ ਸਿੰਘ,ਜਿਲਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ,ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਪ੍ਰਧਾਨ ਖੇੜਾ ਡਾ.ਬਲਰਾਮ ਸ਼ਰਮਾ, ਪੰਚ ਤੇ ਇਲਾਕੇ ਦੇ ਬਲਾਕ ਸੰਮਤੀ ਮੈਂਬਰ,ਸਰਪੰਚ,ਪੰਚ,ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਗੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fatehgarh Sahib