ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਵਿੱਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਗੁਰੂਹਰਸਹਾਏ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਤਹਿਸੀਲ ਕੰਪਲੈਕਸ ਬਣਾਇਆ ਜਾਵੇਗਾ।
ਇਸ ਸਬੰਧੀ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਸੇਵਾਵਾਂ ਪ੍ਰਦਾਨ ਕਰਨ ਦੀਆਂ ਸ਼ਰਤਾਂ ਨੂੰ ਘੱਟ ਕਰਨ ਅਤੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀ ਸਬ ਡਵੀਜ਼ਨ ਗੁਰੂਹਰਸਹਾਏ ਵਿੱਚ ਤਹਿਸੀਲ ਕੰਪਲੈਕਸ ਨਾ ਹੋਣ ਕਾਰਨ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਲੈਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਤੇਜ਼ੀ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਗੁਰੂਹਰਸਹਾਏ ਵਿਖੇ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਤਹਿਸੀਲ ਕੰਪਲੈਕਸ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ, ਫਰਦ ਕੇਂਦਰ ਅਤੇ ਪਟਵਾਰ ਸਟੇਸ਼ਨ ਦੇ ਦਫ਼ਤਰ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਕੰਪਲੈਕਸ ਦੀ ਪ੍ਰਾਜੈਕਟ ਲਾਗਤ 619.35 ਲੱਖ ਰੁਪਏ ਹੈ ਅਤੇ ਇਸ ਦੀ ਉਸਾਰੀ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਅਕਤੂਬਰ ਮਹੀਨੇ ਵਿੱਚ ਉਸਾਰੀ ਸ਼ੁਰੂ ਹੋ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਦੋ ਬਹੁਤ ਹੀ ਮਹੱਤਵਪੂਰਨ ਵਿਦਿਅਕ ਸੰਸਥਾਵਾਂ ਬਣ ਰਹੀਆਂ ਹਨ। ਇਨ੍ਹਾਂ ਵਿੱਚ ਟਿੱਬੀ ਕਲਾਂ (ਬਲਾਕ ਮਮਦੋਟ) ਵਿਖੇ 760 ਲੱਖ ਰੁਪਏ ਦੀ ਲਾਗਤ ਨਾਲ ਇਕ ਆਈ.ਟੀ.ਆਈ. ਅਤੇ 1474 ਲੱਖ ਰੁਪਏ ਦੀ ਲਾਗਤ ਨਾਲ ਅਬੋਹਰ (ਅੰਸ਼ਕ ਤੌਰ 'ਤੇ ਕਾਰਜਸ਼ੀਲ) ਵਿਖੇ ਇਕ ਡਿਗਰੀ ਕਾਲਜ ਉਸਾਰੀ ਅਧੀਨ ਹਨ। ਦੋਵੇਂ ਪ੍ਰਾਜੈਕਟ ਲਗਭਗ 90 ਫ਼ੀਸਦੀ ਮੁਕੰਮਲ ਹੋ ਚੁੱਕੇ ਹਨ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਣਗੇ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਮੁੱਢਲੀਆਂ ਲੋੜਾਂ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਵੇਗਾ। ਇਸ ਦੇ ਨਾਲ ਹੀ ਇੱਥੇ ਬਣਨ ਵਾਲੀਆਂ ਵਿੱਦਿਅਕ ਸੰਸਥਾਵਾਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਮੌਕੇ ਪ੍ਰਦਾਨ ਕਰਨਗੀਆਂ ਅਤੇ ਕਿੱਤਾਮੁਖੀ ਕੋਰਸ ਉਹਨਾਂ ਨੂੰ ਸਵੈ-ਨਿਰਭਰ ਬਣਨ ਵਿੱਚ ਸਹਾਈ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।