ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵਿਸ਼ਵ ਪੱਧਰੀ ਮਿਊਜ਼ੀਅਮ ਬਣਾਇਆ ਜਾਵੇ : ਸੁਖਬੀਰ ਸਿੰਘ ਬਾਦਲ

News18 Punjabi | News18 Punjab
Updated: April 8, 2021, 7:36 PM IST
share image
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵਿਸ਼ਵ ਪੱਧਰੀ ਮਿਊਜ਼ੀਅਮ ਬਣਾਇਆ ਜਾਵੇ : ਸੁਖਬੀਰ ਸਿੰਘ ਬਾਦਲ
ਪ੍ਰਧਾਨ ਮੰਤਰੀ ਨੂੰ ਕਿਸਾਨ ਅੰਦੋਲਨ ਕਾਰਨ ਕਿਸਾਨਾਂ ਖਿਲਾਫ ਦਰਜ ਹੋਏ ਕੇਸ ਸਰਬੱਤ ਦਾ ਭਲਾ ਦੀ ਭਾਵਨਾ ਅਨੁਸਾਰ ਵਾਪਸ ਲੈਣ ਦੀ ਕੀਤੀ ਅਪੀਲ (file photo)

1 ਮਈ ਨੂੰ ਕੌਮੀ ਅਖੰਡਤਾ ਦਿਵਸ ਵਜੋਂ ਮਨਾਉਣ ਤੇ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਦੀ ਜਾਣਕਾਰੀ ਸਕੂਲ ਸਿਲੇਬਸ ਵਿਚ ਸ਼ਾਮਲ ਕਰਨ ਦੀ ਕੀਤੀ ਅਪੀਲ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਬੇਨਤੀ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਦਿੱਲੀ ਵਿਚ ਉਹਨਾਂ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ। ਉਹਨਾਂ ਨੇ ਕਿਸਾਨ ਅੰਦੋਲਨ ਵਿਚ ਭਾਗ ਲੈ ਰਹੇ ਕਿਸਾਨਾਂ ਤੇ ਨੌਜਵਾਨਾਂ ਖਿਲਾਫ ਸਾਰੇ ਕੇਸ ਸਰਬੱਤ ਦਾ ਭਲਾ ਦੀ ਭਾਵਨਾ ਅਨੁਸਾਰ ਵਾਪਸ ਲਏ ਜਾਣ ਦੀ ਅਪੀਲ ਵੀ ਪ੍ਰਧਾਨ ਮੰਤਰੀ ਨੂੰ ਕੀਤੀ।

ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੋਠ ਹੋਈ ਉਚ ਪੱਧਰੀ ਮੀਟਿੰਗ ਵਿਚ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤਜਵੀਜ਼ਸ਼ੁਦਾ ਮਿਊਜ਼ੀਅਮ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਨੰਦਪੁਰ ਸਾਹਿਬ ਵਿਚ ਸਥਾਪਿਤ ਕੀਤੇ ਗਏ ਵਿਰਾਸਤ ਏ ਖਾਲਸਾ ਜੋ ਕਿ ਵਿਸ਼ਵ ਵਿਚ ਸਭ ਤੋਂ ਵੱਧ ਸੈਲਾਨੀਆਂ ਵੱਲੋਂ ਵੇਖਿਆ ਕੇਂਦਰ ਬਣ ਗਿਆ, ਦੀ ਤਰਜ਼ ’ਤੇ ਬਣਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹੈ ਕਿ ਨਵੀਂ ਪੀੜੀ ਨੁੰ ਗੁਰੂ ਤੇਗ ਬਹਾਦਰ ਸਾਹਿਬ ਤੇ ਉਹਨਾਂ ਦੇ ਸ਼ਰਧਾਲੂਆਂ ਦੀਆਂ ਸ਼ਹਾਦਤਾਂ ਤੋਂ ਜਾਣੂ ਕਰਵਾਇਆ ਜਾਵੇ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ 1 ਮਈ ਨੂੰ ਪ੍ਰਕਾਸ਼ ਪੁਰਬ ਨੂੰ ਕੌਮੀ ਅਖੰਡਤਾ ਦਿਵਸ ਵਜੋਂ ਮਨਾਇਆ ਜਾਵੇ ਤੇ ਗੁਰੂ ਸਾਹਿਬ ਦੇ ਜੀਵਨ ਤੇ ਸ਼ਹਾਦਤ ਬਾਰੇ ਸਕੂਲ ਸਿਲੇਬਸ ਵਿਚ ਅਧਿਆਇ ਸ਼ਾਮਲ ਕੀਤਾ ਜਾਵੇ। ਉਹਨਾਂ ਇਹ ਵੀ ਬੇਨਤੀ ਕੀਤੀ ਕਿ ਅੰਮ੍ਰਿਤਸਰ, ਬਾਬਾ ਬਕਾਲਾ ਤੇ ਆਨੰਦਪੁਰ ਸਾਹਿਬ ਤਿੰਨ ਪਵਿੱਤਰ ਸ਼ਹਿਰਾਂ ਨੁੰ ਵੱਡੀ ਪੱਧਰ ’ਤੇ ’ਤੇ ਵਿਕਸਤ ਕੀਤਾ ਜਾਵੇ ਤੇ ਕਿਹਾ ਕਿ ਭਾਵੇਂ ਕਿ ਪਿਛਲੀ ਅਕਾਲੀ ਸਰਕਾਰ ਨੇ ਅੰਮ੍ਰਿਤਸਰ ਦਾ ਵਿਕਾਸ ਕਰਨ ਲਈ ਪੁਰਜ਼ੋਰ ਯਤਨ ਕੀਤੇ ਪਰ ਕੇਂਦਰ ਸਰਕਾਰ ਹੋਰ ਜ਼ਿਆਦਾ ਵਿਕਾਸ ਕਰ ਸਕਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੱਣ ਲਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਸਿੱਖ ਸ਼ਰਧਾਲੂ ਉਸ ਥਾਂ ਦਾ ਨਤਮਸਤਕ ਹੋ ਸਕਣ ਜਿਥੇ ਗੁਰੂ ਸਾਹਿਬ ਨੇ ਆਪਣਾ ਅੰਤਿਮ ਸਮਾਂ ਬਿਤਾਇਆ। ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਵੀ ਚੁੱਕਿਆ ਜਾ ਸਕਦਾ ਹੈ।

ਸ੍ਰੀ ਬਾਦਲ ਨੇ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਰੁੱਲ ਰਹੇ ਸਿੰਖ ਕੈਦੀਆਂ ਦੀ ਰਿਹਾਈ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਹੀ ਸੰਦੇਸ਼ ਜਾਵੇਗਾ। ਉਹਨਾਂ ਇਹ ਵੀਅਪੀਲ ਕੀਤੀ ਕਿ ਸਾਕਾ ਨੀਲਾ ਤਾਰਾ ਮੌਕੇ ਜਿਹੜੇ ਧਰਮੀ ਫੌਜੀ ਆਪਣੀਆਂ ਬੈਰਕਾਂ ਛੱਡ ਆਏ ਸਨ, ਉਹਨਾਂ ਨੁੰ ਬਣਦੇ ਲਾਭ ਦਿੱਤੇ ਜਾਣ ਕਿਉਂਕਿ ਉਸ ਵੇਲੇ ਉਹਨਾਂ ਨੇ ਭਾਵੁਕ ਹੋ ਕੇ ਕਦਮ ਚੁੱਕਿਆ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਮੀਟਿੰਗ ਵਿਚ ਇਹ ਵੀ ਬੇਨਤੀ ਕੀਤੀ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨੋਡਲ ਏਜੰਸੀ ਬਣਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿੱਖ ਮਰਿਆਦਾ ਦੀ ਸਹੀ ਤਰੀਕੇ ਪਾਲਣਾ ਹੋ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕਤੰਤਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਗੁਰੂ ਘਰਾਂ ਦੇ ਪ੍ਰਬੰਧ ਚਲਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਿੱਖੀ ਧਰਮ ਨਿਰਪੱਖਤਾ ਦੀ ਸਭ ਤੋਂ ਵੱਡੀ ਉਦਾਹਰਣ ਹੈ ਜਿਸ ਵਿਚ ਮੁੱਖ ਧਿਆਨ ਸਰਬੱਤ ਦੇ ਭਲੇ ’ਤੇ ਦਿੱਤਾ ਜਾਂਦਾ ਹੈ ਨਾ ਕਿ ਸਿਰਫ ਸਿੱਖਾਂ ਦੀ ਖੁਸ਼ਹਾਲੀ ਵੱਲ ਦਿੱਤਾ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸੇਵਾ ਤੇ ਸ਼ਹਾਦਤ ਦਾ ਸਿੱਖ ਫਲਸਫੇ ਵਿਚ ਵਿਸ਼ੇਸ਼ ਸਥਾਨ ਹੈ ਤੇ ਉਹਨਾਂ ਉਦਾਹਰਣ ਵੀ ਦਿੱਤੀ ਕਿ ਕਿਵੇਂ ਕੋਰੋਨਾ ਕਾਲ ਵਿਚ ਸਿੱਖਾਂ ਵੱਲੋਂ ਸੇਵਾ ਜਾਰੀ ਰੱਖੀ ਗਈ ਤੇ ਦੇਸ਼ ਦੀ ਰਾਖੀ ਵਾਸਤੇ ਆਪਣੀਆਂ ਸ਼ਹਾਦਤਾਂ ਵੀ ਦਿੱਤੀਆਂ । ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਸ਼ਹਾਦਤ ਤੇ ਧਰਮ ਨਿਰਪੱਖਤਾ ਦੀ ਸਭ ਤੋਂ ਵੱਡੀ ਉਦਾਹਰਣ ਹੈ।
Published by: Ashish Sharma
First published: April 8, 2021, 7:36 PM IST
ਹੋਰ ਪੜ੍ਹੋ
ਅਗਲੀ ਖ਼ਬਰ