ਪੰਜਾਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਦਹਿਸ਼ਤ ਦਾ ਮਹੌਲ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਿਆ ਜਾ ਰਿਹਾ । ਤਾਜ਼ਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ । ਦਰਅਸਲ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ’ਚ ਗੋਲੀਆਂ ਚੱਲਣ ਦੇ ਕਾਰਨ ਦਹਿਸ਼ਤ ਦਾ ਮਹੌਲ ਬਣ ਗਿਆ। ਤਹਿਸੀਲ ਕੰਪਲੈਕਸ ਵਿੱਚ ਗੋਲੀ ਚੱਲਣ ਦੇ ਨਾਲ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਕਰਵਾਉਣ ਦੇ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਪੁਲਿਸ ਵੱਲੋਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ।ਗੋਲੀ ਲੱਗਣ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਪਹਿਚਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਮੁਹੱਲਾ ਵਿਜੇ ਨਗਰ ਦਾ ਰਹਿਣ ਵਾਲਾ ਹੈ।
ਇਸ ਦੌਰਾਨ ਹਸਪਤਾਲ ਵਿੱਚ ਭਰਤੀ ਜ਼ਖਮੀ ਨੌਜਵਾਨ ਦੇ ਸਾਥੀ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਕੰਮ ਲਈ ਗਏ ਸੀ ਤਾਂ ਇਸ ਦੌਰਾਨ ਉਥੇ ਉਨ੍ਹਾਂ ਦੀ ਜਾਨ ਪਹਿਚਾਣ ਦੇ ਨੌਜਵਾਨ ਨੇ ਹੀ ਉਨ੍ਹਾਂ ਉਪਰ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇੱਕ ਗੋਲ਼ੀ ਧੀਰਜ ਕੁਮਾਰ ਦੇ ਪੇਟ ਦੇ ਹੇਠਲੇ ਹਿੱਸੇ ’ਚ ਜਾ ਲੱਗੀ ਜਦਕਿ ਉਸ ਵੱਲੋਂ ਕਿਸੇ ਤਰ੍ਹਾਂ ਨਾਲ ਆਪਣੀ ਜਾਨ ਬਚਾਈ ਗਈ।
ਦੂਜੇ ਪਾਸੇ ਇਸ ਗੋਲੀਕਾਂਡ ਦੀ ਜਾਂਚ ਕਰ ਰਹੇ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸੁਭਾਸ਼ ਭਗਤ ਦਾ ਕਹਿਣਾ ਹੈ ਕਿ ਫਿਲਹਾਲ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ।ਪਰ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਲਗਾਤਾਰ ਸਵਾਲ ਖੜੇ ਕਰਦੇ ਆ ਰਹੇ ਹਨ । ਸਰਕਾਰ ਵੱਲੋਂ ਵੀ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵੱਡਾ ਸਵਾਲ ਇਹ ਹੈ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਦੋਂ ਤੱਕ ਕਾਬੂ ਕੀਤਾ ਜਾਂਦਾ ਹੈ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਦਾ ਮਹੌਲ ਕਾਇਮ ਕੀਤਾ ਜਾਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Firing, Hoshiarpur news, Punjab news