ਪੰਜਾਬ ਭਾਜਪਾ ਆਗੂਆਂ ਨੇ ਮੁੜ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਵਾਉਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਆਖਿਆ ਹੈ ਕਿ ਖੇਤੀ ਸੁਧਾਰ ਲਈ ਖੇਤੀ ਕਾਨੂੰਨ ਬੜੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਕਾਨੂੰਨ ਬਣਾਉਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਖੇਤੀ ਅੱਜ ਘਾਟੇ ਦਾ ਧੰਦਾ ਹੈ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਕਿਸਾਨਾਂ ਦੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਉਹ ਤਾਂ ਬਿਨਾਂ ਸੋਚੇ ਸਮਝੇ ਗੱਲ ਕਰਦੇ ਹਨ। ਸੁਧਾਰ ਲਈ ਖੇਤੀ ਕਾਨੂੰਨ ਜਰੂਰੀ ਹਨ।
ਦੱਸ ਦਈਏ ਕਿ ਬੀਤੇ ਦਿਨ ਖੇਤੀ ਖੇਤਰ ’ਚ ਸੁਧਾਰਾਂ ਨੂੰ ਅਹਿਮ ਦਸਦਿਆਂ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਕਿਹਾ ਸੀ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨਾ ਕਿਸਾਨਾਂ ਨੂੰ ਵੱਧ ਮੁੱਲ ਦਿਵਾਉਣ ਦੀਆਂ ਕੋਸ਼ਿਸ਼ਾਂ ਲਈ ਇਕ ਝਟਕਾ ਹੈ।
ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਟੀਚੇ ਨੂੰ ਹਾਸਲ ਕਰਨ ’ਚ ਮਦਦਗਾਰ ਹੋ ਸਕਦੇ ਸਨ। ਉਨ੍ਹਾਂ ਕਿਹਾ ਕੁਝ ਲੋਕਾਂ ਨੇ ਨੀਤੀ ਆਯੋਗ ਤੋਂ ਸੁਧਾਰਾਂ ਨੂੰ ਅਮਲ ’ਚ ਲਿਆਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਬਿਨਾਂ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨੀ ਸੰਭਵ ਹੈ? ਇਸ ’ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਹਤਰ ਮੁੱਲ ਮਿਲੇ ਇਸ ਲਈ ਸੁਧਾਰ ਜ਼ਰੂਰੀ ਹਨ। ਉਨ੍ਹਾਂ ਕਿਹਾ, ‘ਜੇਕਰ ਸੁਧਾਰ ਨਹੀਂ ਹੋ ਰਹੇ ਤਾਂ ਯਕੀਨੀ ਤੌਰ ’ਤੇ ਇਹ ਇਨ੍ਹਾਂ ਕੋਸ਼ਿਸ਼ਾਂ ਲਈ ਝਟਕਾ ਹੈ।’
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ ਸੀ ਜਿਸ ਮਗਰੋਂ 1 ਦਸੰਬਰ 2021 ਨੂੰ ਇਹ ਕਾਨੂੰਨ ਰੱਦ ਕਰਨ ਲਈ ਸਰਕਾਰ ਵੱਲੋਂ ਸੰਸਦ ’ਚ ਇੱਕ ਬਿੱਲ ਲਿਆਂਦਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।