ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਬਰਨਾਲਾ ਵਿਖੇ ਭਾਜਪਾ ਦੇ ਜ਼ਿਲਾ ਪ੍ਰਧਾਨ ਦੇ ਘਰ ਅੱਗੇ ਕਿਸਾਨ ਸੁਖਦੇਵ ਸਿੰਘ ਦੀ ਸੋਮਵਾਰ ਨੂੰ ਮੌਤ ਹੋ ਗਈ ਸੀ। ਕਿਸਾਨ ਜੱਥੇਬੰਦੀ ਉਗਰਾਹਾਂ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਵਲੋਂ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਅੱਗੇ 10 ਲੱਖ ਮੁਆਵਜ਼ਾ ਰਾਸ਼ੀ ਅਤੇ ਇੱਕ ਸਰਕਾਰੀ ਨੌਕਰੀ ਦੀ ਮੰਗ ਰੱਖੀ ਗਈ ਸੀ। ਜਿਸਦੇ ਪੂਰਾ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ ਦੂਜੇ ਦਿਨ ਵੀ ਮ੍ਰਿਤਕ ਸੁਖਦੇਵ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਅੱਜ ਦੂਜੇ ਦਿਨ ਕਿਸਾਨ ਜੱਥੇਬੰਦੀ ਦੇ ਆਗੂਆਂ ਦੀ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਰੂਰ ਹੋਈ। ਪਰ ਜੱਥੇਬੰਦੀ ਆਗੂਆਂ ਵਲੋਂ ਪ੍ਰਸ਼ਾਸ਼ਨ ਅੱਗੇ ਮੰਗਾਂ ਪੂਰੀਆਂ ਕਰਨ ਦੀ ਸ਼ਰਤ ਰੱਖੀ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਕਿਯੂ ਉਗਰਾਹਾਂ ਦੇ ਜ਼ਿਲਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਸੰਦੀਪ ਸਿੰਘ ਚੀਮਾ ਅਤੇ ਕਿਸ਼ਨ ਸਿੰਘ ਛੰਨਾ ਨੇ ਦੱਸਿਆ ਕਿ 63 ਸਾਲਾ ਕਿਸਾਨ ਸੁਖਦੇਵ ਸਿੰਘ ਦੀ ਸੋਮਵਾਰ ਨੂੰ ਭਾਜਪਾ ਦੇ ਜ਼ਿਲਾ ਪ੍ਰਧਾਨ ਦੇ ਘਰ ਅੱਗੇ ਧਰਨੇ ਦੌਰਾਨ ਮੌਤ ਹੋ ਗਈ ਸੀ। ਜੱਥੇਬੰਦੀ ਦੇ ਐਲਾਨ ਅਨੁਸਾਰ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਅੱਗੇ 10 ਲੱਖ ਮੁਆਵਜ਼ਾ ਰਾਸ਼ੀ, ਪਰਿਵਾਰ ਦੀ ਪੂਰਨ ਕਰਜ਼ਾਮਾਫ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਰੱਖੀ ਗਈ ਹੈ। ਮ੍ਰਿਤਕ ਦੇ ਪਰਿਵਾਰ ਸਿਰ ਕੋਈ ਕਰਜ਼ਾ ਨਹੀਂ ਹੈ। ਜਿਸ ਕਰਕੇ ਦੂਜੀਆਂ ਮੰਗਾਂ ਪੂਰੀਆਂ ਕੀਤੀ ਜਾਣੀਆਂ ਚਾਹੀਦੀਆਂ ਹਨ। ਇਸ ਸਬੰਧੀ ਬਰਨਾਲਾ ਦੇ ਤਹਿਸੀਲਦਾਰ ਗੁਰੁਮੁੱਖ ਸਿੰਘ ਨੂੰ ਮਿਲੇ ਹਾਂ। ਜਿਹਨਾਂ ਨੇ ਜੱਥਬੰਦੀ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਰਪੋਜ਼ਲ ਬਣਾ ਕੇ ਭੇਜਣ ਦਾ ਵਾਅਦਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਜਿਹਨਾਂ ਸਮਾਂ ਮੰਗਾਂ ਪੂਰੀਆਂ ਨਹੀਂ ਹੁੰਦੀਆ, ਉਨਾਂ ਸਮਾਂ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਬੀਤੇ ਕੱਲ ਤੋਂ ਮਿ੍ਰਤਕ ਕਿਸਾਨ ਦੀ ਮ੍ਰਿਤਕ ਦੇਹ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖੀ ਹੋਈ ਹੈ। ਅੱਜ ਦੂਜੇ ਦਿਨ ਭਾਜਪਾ ਦੇ ਜ਼ਿਲਾ ਪ੍ਰਧਾਨ ਦੇ ਘਰ ਅੱਗੇ ਧਰਨਾ ਜਾਰੀ ਰਿਹਾ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਨੌਕਰੀ ਦੀ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala