ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਦਿੱਲੀ ਦੇ ਉਪ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਵੱਲੋਂ ਅਸਤੀਫਾ ਦੇਣ ਤੋ਼ ਬਾਅਦ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਤੇ ਉਹਨਾਂ ਦੀ ਮਦਦ ਕਰ ਰਹੇ ਅਫਸਰਾਂ ਕੋਲ ਸਮਾਂ ਖਤਮ ਹੋ ਗਿਆ ਹੈ।
ਸਿਸੋਦੀਆ ਅਤੇ ਜੈਨ ਦੇ ਅਸਤੀਫਿਆਂ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਹੋਏ ਘੁਟਾਲੇ ਦਿੱਲੀ ਨਾਲੋਂ ਵੱਡੇ ਹਨ। ਉਹਨਾਂ ਕਿਹਾ ਕਿ ਸਿਸੋਦੀਆ ਅਤੇ ਜੈਨ ਦੀ ਗ੍ਰਿਫਤਾਰੀ ਨਾਲ ਪੰਜਾਬ ਵਿਚ ਭ੍ਰਿਸ਼ਟ ਮੰਤਰੀਆਂ ਤੇ ਅਸਫਰਾਂ ਖਿਲਾਫ ਮੁਕੱਦਮੇ ਚਲਾਉਣ ਦਾ ਰਾਹ ਖੁਲ੍ਹਿਆ ਹੈ। ਇਹਨਾਂ ਭ੍ਰਿਸ਼ਟ ਲੋਕਾਂ ਨੇ ਸਰਕਾਰੀ ਖ਼ਜ਼ਾਨਾ ਲੁੱਟਿਆਹੈ ਤਾਂ ਜੋ ਆਪ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਮੀਰ ਕੀਤਾ ਜਾ ਸਕੇ ਤੇ ਉਸਦੇ ਕੌਮੀ ਚੋਣ ਏਜੰਡੇ ਦੀ ਪੂਰਤੀ ਕੀਤੀ ਜਾ ਸਕੇ।
ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਵਿਚ ਆਪ ਦੇ ਭ੍ਰਿਸ਼ਟ ਮੰਤਰੀਆਂ ਦੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਕੀਤੀ ਜਾ ਰਹੀ ਸੀ ਬੀ ਆਈ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਕਰ ਕੇ ਵੀ ਲਾਜ਼ਮੀ ਹੈ ਕਿਉਂਕਿ ਦਿੱਲੀ ਅਤੇ ਪੰਜਾਬ ਦੋਵਾਂ ਦੀ ਆਬਕਾਰੀ ਨੀਤੀ ਦੇ ਮਾਮਲੇ ਵਿਚ ਐਕਟਰ ਤੇ ਡਾਇਰੈਕਟਰ ਇਕੋ ਹੀ ਹਲ। ਉਹਨਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਤਰੀਕਾ ਵੀ ਇਕੋ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਸੀ ਬੀ ਆਈ ਨੂੰ ਰੇਤ ਮਾਇਨਿੰਗ ਘੁਟਾਲੇ ਦੀ ਜਾਂਚ ਦੇ ਵੀ ਹੁਕਮ ਦਿੱਤੇ ਜਾਣ ਜਿਸ ਤਹਿਤ ਆਪ ਸਰਕਾਰ ਨੇ ਰੇਤ ਮਾਫੀਆ ਨਾਲ ਸੌਦੇਬਾਜ਼ੀ ਕੀਤੀ ਤੇ ਰੱਦ ਕੀਤੇ ਠੇਕੇ ਮੁੜ ਮਾਫੀਆ ਕਿੰਗ ਨੂੰ ਦੇ ਦਿੱਤੇ।
ਸਰਦਾਰ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਨੇ ਸਰਕਾਰੀ ਸਕੀਮਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ ਤੇ ਇਹ ਇਸ ਤਰੀਕੇ ਚਲਾਈਆਂ ਜਾ ਰਹੀਆਂ ਹਨ ਜਿਵੇਂ ਆਪ ਪਾਰਟੀ ਦੀਆਂ ਸਕੀਮਾਂ ਹੋਣ। ਉਹਨਾਂ ਕਿਹਾ ਕਿ ਜਿਸ ਤਰੀਕੇ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਬਦਲਿਆ ਗਿਆ ਹੈ, ਉਹ ਇਕ ਪ੍ਰਤੱਖ ਉਦਾਹਰਣ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਬਦਲਣ ਵਿਚ ਵਿਆਪਕ ਭ੍ਰਿਸ਼ਟਾਚਾਰ ਹੋਇਆ ਹੈ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਘੁਟਾਲੇ ਤੇ ਭ੍ਰਿਸ਼ਟਾਚਾਰ ਸੈਂਕੜੇ ਕਰੋੜਾਂ ਰੁਪਏ ਦੀ ਹੇਰਾ ਫੇਰੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਮੁੱਖ ਐਕਟਰਾਂ ਨੂੰ ਬੇਨਕਾਬ ਕਰ ਸਕਦੀ ਹੈ ਤੇ ਦਿੱਲੀ ਵਿਚ ਹਾਈ ਕਮਾਂਡ ਤੱਕ ਪਹੁੰਚੇ ਪੈਸੇ ਨੂੰ ਵੀ ਜੱਗ ਜ਼ਾਹਰ ਕਰ ਸਕਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਆਪ ਵੱਲੋਂ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਵਿਚੋਂ ਪੈਸਾ ਹੋਰ ਰਾਜਾਂ ਵਿਚ ਆਪ ਦੀਆਂ ਚੋਣ ਮੁਹਿੰਮਾਂ ’ਤੇ ਖਰਚ ਕਰਨ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਮਨੀ ਲਾਂਡਰਿੰਗ ਮਾਮਲਿਆਂ ਦੀ ਵੀ ਜਾਂਚ ਕਰਵਾਈ ਜਾਵੇ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਫੰਡਾਂ ਦੀ ਹੋਰ ਰਾਜਾਂ ਵਿਚ ਆਪ ਦੀਆਂ ਪ੍ਰਾਪਤੀਆਂ ਦੇ ਇਸ਼ਤਿਹਾਰ ਜਾਰੀ ਕਰਨ ਲਈ ਦੁਰਵਰਤੋਂ ਦੇ ਮਾਮਲੇ ਦੀ ਵੱਖਰੇ ਤੌਰ ’ਤੇ ਜਾਂਚ ਕਰਵਾਈ ਜਾਵੇ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।