
ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕਰਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ: ਚੰਨੀ (ਫਾਇਲ ਫੋਟੋ)
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿਚ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖਤਮ ਕੀਤਾ ਜਾਵੇਗਾ।
ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ।
ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਭਵਿੱਖ ਵਿਚ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਥੋੜ੍ਹੇ ਸਮੇਂ ਵਿੱਚ ਗਰੀਬ-ਪੱਖੀ ਅਤੇ ਮਹੱਤਵਪੂਰਨ ਫੈਸਲੇ ਲੈਣ ਅਤੇ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ 24 ਘੰਟੇ ਕੰਮ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰਕੇ ਪੰਜਾਬ ਨੂੰ ਕਰਜ਼ਾ ਮੁਕਤ ਸੂਬਾ ਬਣਾਉਣ ਲਈ ਪ੍ਰਣਾਲੀ ਤਿਆਰ ਕਰੇਗੀ ਜਿਸ ਨਾਲ ਕਰਜ਼ਾ ਮੁਕਤ ਪੰਜਾਬ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਿਹਤਰ ਸਥਾਨ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਵਚਨਬੱਧਤਾ ਦੇ ਮੱਦੇਨਜ਼ਰ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਸੰਸਥਾਵਾਂ ਵਿੱਚ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।