ਨਿਤੀਸ਼ ਸਭਰਵਾਲ, ਅੰਮ੍ਰਿਤਸਰ:
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਐਸ ਜੀ ਪੀ ਸੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜੱਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਲਈ ਰਵਾਨਾ ਹੋਇਆ। ਜਿਸਦਾ ਉੱਥੇ ਪੁੱਜਣ ਉੱਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਅਮੀਰ ਸਿੰਘ, ਸਤਵੰਤ ਸਿੰਘ, ਤਾਰੂ ਸਿੰਘ, ਰਮੇਸ਼ ਸਿੰਘ ਅਰੋੜਾ ਅਤੇ ਹੋਰਾਂ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜ ਕੇ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਸਿੱਖ ਜਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਸੁਰਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਸਜੇ ਸਮਾਗਮ ਵਿੱਚ ਬੀਬੀ ਜਗੀਰ ਕੌਰ ਕਰਦਿਆਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਉੱਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰੋਜਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜੱਥੇ ਭੇਜੇ ਜਾਣਗੇ। ਇਸ ਤੋਂ ਇਲਾਵਾ ਮੰਗ ਅਤੇ ਲੋੜ ਅਨੁਸਾਰ ਰਸਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਪੁੱਜਦਾ ਰਹੇਗਾ ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਰ ਪੱਧਰ ਉੱਤੇ ਸਹਿਯੋਗ ਕਰੇਗੀ ਅਤੇ ਉਹ ਸਮੇਂ-ਸਮੇਂ ਖੁਦ ਵੀ ਇੱਥੇ ਆਉਂਦੇ ਰਹਿਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Gurdwara Kartarpur Sahib, Kartarpur Langha, Punjab, SGPC