ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ (Calendar) ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਨਵੇਂ ਨਾਨਕਸ਼ਾਹੀ ਵਰ੍ਹੇ ਦਾ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਿੰਘਾਂ ਵਿੱਚੋਂ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਹਾਜ਼ਰ ਸਨ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ ਕਿਉਂਕਿ ਇਹ ਸਾਕਾ ਸਿੱਖ ਇਤਿਹਾਸ ਅੰਦਰ ਵੱਡੇ ਮਹੱਤਵ ਨਾਲ ਰੂ ਬ ਰੂ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਾਕਿਸਤਾਨ ਫੇਰੀ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਨੁਮਾਇੰਦਿਆਂ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਦੀ ਯਾਦਗਾਰ ਸਬੰਧੀ ਗੱਲਬਾਤ ਵੀ ਕੀਤੀ ਹੈ। ਜਿਸ ਦਾ ਸਾਰਥਕ ਹੁੰਗਾਰਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਕੌਮ ਦੇ ਇਤਿਹਾਸਕ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਵਿਚ ਇਕ ਪ੍ਰੇਰਣਾ ਹਨ। ਇਸ ਮੌਕੇ ਜੱਥੇਦਾਰਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾਂਦੇ ਹਨ ਅਤੇ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸਿਮਰਜੀਤ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Giani harpreet singh, Nanakshahi calendar, SGPC, Sikh