ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਗਠਿਤ ਵਿਧਾਨ ਸਭਾ ਕਮੇਟੀ ਵੱਲੋਂ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਆਵਾਰਾ ਪਸ਼ੂਆਂ ਲਈ ਚਲਾਏ ਜਾ ਰਹੇ ਪਾਇਲਟ ਪ੍ਰੋਜੈਕਟ ਅਧੀਨ ਕੀਤੀ ਜਾ ਰਹੀ ਵਿਵਸਥਾ ਦਾ ਮੌਕੇ 'ਤੇ ਜਾਇਜਾ ਲੈਣ ਸੰਬੰਧੀ ਗੱਲਬਾਤ ਕੀਤੀ ਗਈ।
ਮੀਟਿੰਗ ਦੀ ਸ਼ੁਰੂਆਤ ਰਸਮੀ ਤੌਰ 'ਤੇ ਮੇਅਰ ਕਰਮਜੀਤ ਸਿੰਘ ਵੱਲੋਂ ਕੀਤੀ ਗਈ। ਉਪਰੰਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਵਾਰਾ ਕੁੱਤਿਆਂ ਦੀ ਵਧਦੀ ਆਬਾਦੀ ਨੂੰ ਰੋਕਣ ਅਤੇ ਆਵਾਰਾ ਤੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਤੇ ਦੇਖਰੇਖ ਸੰਬੰਧੀ ਚਲਾਏ ਜਾ ਰਹੇ ਵੱਖ-ਵੱਖ ਪਾਇਲਟ ਪ੍ਰੋਜੈਕਟ ਅਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਵੱਲੋਂ ਉਕਤ ਕੰਮਾਂ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਕਮੇਟੀ ਮੈਂਬਰਾਨ ਨੂੰ ਜਾਣੂ ਕਰਵਾਇਆ ਗਿਆ, ਜਿਸ 'ਤੇ ਵਿਧਾਨ ਸਭਾ ਕਮੇਟੀ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਮੇਅਰ ਨੇ ਦੱਸਿਆ ਕਿ ਆਵਾਰਾ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਮੌਜੂਦਾ ਹਾਊਸ ਦੇ ਕਾਰਜਕਾਲ ਦੌਰਾਨ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਨਰਾਇਣਗੜ੍ਹ, ਗੁਮਾਨਪੁਰਾ ਰੋਡ ਵਿਖੇ 34 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਡਾੱਗ ਸਟਰਲਾਇਜੇਸ਼ਨ ਸੈਂਟਰ ਤਿਆਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿਖੇ 10 ਵੱਡੇ ਡੋਗ ਕੈਨਲਸ ਬਣੇ ਹਨ ਅਤੇ ਲਗਭਗ 60 ਆਵਾਰਾ ਕੁੱਤਿਆਂ ਨੂੰ ਇੱਕੋ ਸਮੇਂ ਰੱਖਣ ਦੀ ਸਮਰੱਥਾ ਹੈ।
ਇਸ ਦੌਰਾਨ ਮੇਅਰ ਕਰਮਜੀਤ ਸਿੰਘ, ਕਮੇਟੀ ਦੇ ਚੇਅਰਮੈਨ, ਐਮ.ਐਲ.ਏ.ਇੰਦਰਬੀਰ ਸਿੰਘ ਬੁਲਾਰੀਆ, ਐਮ.ਐਲ.ਏ. ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਐਮ.ਐਲ.ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀ, ਪੰਜਾਬ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਸਮੇਤ ਕਈ ਅਫ਼ਸਰ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Mayor, Punjab government, Stray dogs, Street dogs