ਠੰਡ ਦੇ ਕਾਰਨ ਕਈ ਲੋਕਾਂ ਦੀ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ਵਿੱਚ ਸਰਹੱਦਾਂ ਦੀ ਰਾਖੀ ਕਰਨ ਵਾਲੇ ਫੌਜੀ ਜਵਾਨਾਂ ਦੀ ਵੀ ਠੰਡ ਦੇ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਪੱਛਮੀ ਬੰਗਾਲ ਤੋਂ ਸਾਹਮਣੇ ਆਇਆ ਹੈ ਜਿਥੇ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਜੰਮਪਲ ਫ਼ੌਜੀ ਜਵਾਨ ਕਰਤਾਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੌਤ ਹੋ ਗਈ।
ਫੌਜੀ ਜਵਾਨ ਦੀ ਮੌਤ ਦੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਫ਼ੌਜੀ ਜਵਾਨ ਦੇ ਪਿਤਾ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 38 ਸਾਲਾ ਬੇਟਾ ਕਰਤਾਰ ਸਿੰਘ ਬੰਬੇ ਇੰਜੀਨੀਅਰ 121 ਯੂਨਿਟ ਬੀਨਾਗੁਰੀ, ਵੈਸਟ ਬੰਗਾਲ ਦੇ ਵਿੱਚ ਡਿਊਟੀ ਤੇ ਤਾਇਨਾਤ ਸੀ । ਦਰਅਸਲ ਬੀਤੀ 27 ਦਸੰਬਰ ਨੂੰ ਉਸ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ ਸੀ। ਜਿਸ ਤੋਂ ਬਾਅਦ ਉਸ ਨੂੰ ਆਰਮੀ ਹਸਪਤਾਲ ਕਲੱਕਤਾ ਵਿੱਚ ਭਰਤੀ ਕਰਵਾਇਆ ਗਿਆ ਸੀ । ਪਰ ਹਸਪਤਾਲ ਦੇ ਵਿੱਚ ਇਲਾਜ ਦੇ ਦੌਰਾਨ ਕਰਤਾਰ ਸਿੰਘ ਦੀ ਮੌਤ ਹੋ ਗਈ।
ਮ੍ਰਿਤਕ ਫ਼ੌਜੀ ਜਵਾਨ ਦੇ ਪਿਤਾ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਮ੍ਰਿਤਕ ਫੌਜੀ ਕਰਤਾਰ ਸਿੰਘ ਆਪਣੇ ਪਿੱਛੇ ਪਤਨੀ, ਦੋ ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਫ਼ੌਜੀ ਜਵਾਨ ਦੀ ਮ੍ਰਿਤਕ ਦੇਹ ਨੂੰ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਕੋਟਲੀ ਸੂਰਤ ਮੱਲ੍ਹੀ ਵਿਖੇ ਲਿਆਂਦਾ ਜਾਵੇਗਾ। ਜਿਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਫ਼ੌਜੀ ਕਰਤਾਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ਦੇ ਲੋਕ , ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।