ਜਿਉਂ ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਦੋਂ ਤੋਂ ਬਠਿੰਡਾ ਧਰਨੇ ਅਤੇ ਮੁਜ਼ਾਹਰਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਹਰ ਕੋਈ ਜਥੇਬੰਦੀ ਜਿੱਥੇ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ ਉਥੇ ਹੀ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਅੱਜ ਬਲਾਕ/ਜ਼ਿਲਾ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਕੌਰ ਦੀ ਅਗਵਾਈ ਹੇਠ ਪਿੰਡ ਨਹੀਆਂ ਵਾਲਾ ਵਿੱਚ ਅਤੇ ਬਠਿੰਡਾ ਸ਼ਹਿਰੀ ਦੇ ਵਾਰਡ 32 ਤੋਂ 38 ਵਿਚ ਸਰਕਲ ਪ੍ਰਧਾਨ ਗੁਰਚਰਨ ਕੌਰ ਵਲੋਂ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਗਏ। ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਆਗੂਆਂ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੇਂ ਪੰਜ ਸਾਲਾਂ ਦੌਰਾਨ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ , ਜਿਸ ਕਰਕੇ ਉਹਨਾਂ ਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਨਰਸਰੀ ਟੀਚਰ ਦਾ ਦਰਜਾ ਵਰਕਰ ਨੂੰ ਦਿੱਤਾ ਜਾਵੇ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ ।
ਇਸ ਮੌਕੇ ਵੀਰਪਾਲ ਕੌਰ,ਦਲਜੀਤ ਕੌਰ,ਬਲਜੀਤ ਕੌਰ, ਮਨਪ੍ਰੀਤ ਕੌਰ,ਕਿਰਨਾਂ ਰਾਣੀ, ਸਰਬਜੀਤ ਕੌਰ,ਅਮਨਦੀਪ ਕੌਰ ਅਤੇ ਹੋਰ ਵਰਕਰ, ਹੈਲਪਰ ਮੌਜੂਦ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।