ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਉਨ੍ਹਾਂ ਦੀ ਪਹਿਲ ਹੈ।
ਜਲੰਧਰ ਨੇੜੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਲੋਕਾਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ।
ਉਨ੍ਹਾਂ ਕਿਹਾ ਕਿ ਕਈ ਵਾਰ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਸਖ਼ਤ ਫ਼ੈਸਲੇ ਲੈਣੇ ਪੈਂਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਖ਼ਤ ਫ਼ੈਸਲੇ ਲੈਣ ਦੇ ਸਮਰੱਥ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਹੁਤ ਸੁਚੱਜੇ ਢੰਗ ਨਾਲ ਸਾਰੇ ਹਾਲਾਤ ਨੂੰ ਸੰਭਾਲਿਆ ਅਤੇ ਬਿਨਾਂ ਕੋਈ ਗੋਲੀ ਚਲਾਏ ਜਾਂ ਖ਼ੂਨ-ਖਰਾਬੇ ਕੀਤੇ ਪੂਰੀ ਸਥਿਤੀ ਨੂੰ ਕਾਬੂ ਹੇਠ ਰੱਖਿਆ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਅੱਜ ਉਹ ਡਰ ਕੇ ਭੱਜ ਰਹੇ ਹਨ।
ਕਿਸੇ ਵੀ ਮਾਹੌਲ ਖ਼ਰਾਬ ਕਰਨ ਵਾਲੇ ਜਾਂ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ, ਜਦੋਂ 3 ਕਰੋੜ ਪੰਜਾਬੀ ਸਰਕਾਰ ਦੇ ਨਾਲ ਹੋਣਗੇ ਤਾਂ ਕਿਸੇ ਨਸ਼ਾ ਤਸਕਰ ਦੀ ਨਸ਼ੇ ਵੇਚਣ ਦੀ ਹਿੰਮਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਸੁਧਾਰ ਹੋਇਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ। ਪੰਜਾਬ ਹੌਲੀ-ਹੌਲੀ ਮੁੜ ਲੀਹ ਉਤੇ ਆ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।