ਬਰਨਾਲਾ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਬੀਜੇਪੀ ਲੀਡਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।ਉੱਥੇ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਬੀਜੇਪੀ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਵੱਲੋਂ ਲਗਾਤਾਰ ਯਤਨ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਹ ਰੋਸ ਉਸ ਸਮੇਂ ਭੜਕ ਕੇ ਸਾਹਮਣੇ ਆਇਆ, ਜਦੋਂ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਹਰਜੀਤ ਗਰੇਵਾਲ ਦੀ ਜਮੀਨ ਵਿੱਚ ਲਗਾਇਆ ਗਿਆ ਝੋਨਾ ਕਿਸਾਨਾਂ ਵੱਲੋਂ ਪੱਟ ਦਿੱਤਾ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਛੀਨੀਵਾਲ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਸਬਾ ਧਨੌਲਾ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਕੋਈ ਵੀ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਭਾਜਪਾ ਲੀਡਰ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ਤੇ ਨਾ ਲਵੇ। ਪਰ ਇਸ ਦੇ ਬਾਵਜੂਦ ਧਨੌਲਾ ਦੇ ਇਕ ਵਿਅਕਤੀ ਵੱਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਠੇਕੇ ਉਪਰ ਲੈ ਲਈ ਗਈ ਅਤੇ ਉਸ ਵਿੱਚ ਚੂਨਾ ਲਗਾਇਆ ਜਾ ਰਿਹਾ ਸੀ।
ਅਜਿਹਾ ਕਰਨ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਕਤ ਠੇਕੇ ਤੇ ਜ਼ਮੀਨ ਲੈਣ ਵਾਲੇ ਵਿਅਕਤੀ ਨੂੰ ਰੋਕਿਆ ਗਿਆ। ਪਰ ਉਸ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਔਰਤਾਂ ਨੂੰ ਮਾੜੀ ਸ਼ਬਦਾਵਲੀ ਵਰਤੀ ਗਈ। ਜਿਸ ਦੇ ਰੋਸ ਵਜੋਂ ਅੱਜ ਭੜਕੇ ਲੋਕਾਂ ਤੇ ਕਿਸਾਨਾਂ ਵੱਲੋਂ ਹਰਜੀਤ ਗਰੇਵਾਲ ਦੀ ਜ਼ਮੀਨ ਵਿਚੋਂ ਝੋਨਾ ਪੱਕ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਦਾ ਬਾਈਕਾੱਟ ਇਸੇ ਤਰ੍ਹਾਂ ਜਾਰੀ ਰਹੇਗਾ। ਜਿੰਨਾ ਸਮਾਂ ਉਹ ਕਿਸਾਨਾਂ ਪ੍ਰਤੀ ਵਰਤੀ ਗਈ ਮਾੜੀ ਸ਼ਬਦਾਵਲੀ ਲਈ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗਦਾ।
ਓਧਰ ਇਸ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਵਿਜੇ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕਾਂ ਵੱਲੋਂ ਬੀਜੇਪੀ ਨੇਤਾ ਹਰਜੀਤ ਗਰੇਵਾਲ ਦੀ ਜ਼ਮੀਨ ਵਿੱਚੋਂ ਫਸਲ ਪੱਟ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਉਪਰੰਤ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।