• Home
  • »
  • News
  • »
  • punjab
  • »
  • BBMB PUNJAB WILL NOT BOW DOWN TO CENTRE S BULLYING PROF PREM SINGH CHANDUMAJRA

BBMB : ਕੇਂਦਰ ਦੀ ਧੱਕੇਸ਼ਾਹੀ ਅੱਗੇ ਨਹੀਂ ਝੁੱਕੇਗਾ ਪੰਜਾਬ: ਪ੍ਰੋ. ਚੰਦੂਮਾਜਰਾ

ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧੀ ਦਖਲਅੰਦਾਜ਼ੀ ਕਰ ਰਹੀ ਹੈ ਅਤੇ ਖਾਸ ਕਰਕੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

BBMB : ਕੇਂਦਰ ਦੀ ਧੱਕੇਸ਼ਾਹੀ ਅੱਗੇ ਨਹੀਂ ਝੁੱਕੇਗਾ ਪੰਜਾਬ: ਪ੍ਰੋ. ਚੰਦੂਮਾਜਰਾ

  • Share this:
    ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਬੀਬੀਐਮਬੀ ਮਸਲੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਕੇਂਦਰ ਦੀ ਧੱਕੇਸ਼ਾਹੀ ਅੱਗੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਕੇਂਦਰ ਰਾਜਾਂ ਦੇ ਹੱਕਾਂ ਉਤੇ ਡਾਕਾ ਮਾਰਨਾ ਬੰਦ ਕਰੇ। ਉਨ੍ਹਾਂ ਕਿਹਾ ਬੀਬੀਐਮਬੀ ਮੁੱਦੇ ਬਾਰੇ ਕੇਂਦਰੀ ਬਿਜਲੀ ਮੰਤਰੀ ਅੱਗੇ ਮੁੱਦਾ ਚੁੱਕਾਂਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰੋ. ਭੁੱਲਰ ਦੀ ਰਿਹਾਈ ਛੇਤੀ ਕਰਵਾਏ।

    ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਤੇ ਦਿਨੀਂ ਜੋ ਫੈਸਲੇ ਕੀਤੇ ਹਨ ਉਹਨਾਂ ਨੂੰ ਸਿੱਧੇ ਤੌਰੇ ਤੇ ਪੰਜਾਬ ਨੂੰ ਡਰਾ ਕੇ ਮਨਾਉਣ ਲਈ ਸੋਧ ਕੀਤੇ ਗਏ ਹਨ। ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜ-ਮਰੋੜ ਕੇ ਯੂਨਿਟਰੀ ਸਿਸਟਮ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧੀ ਦਖਲਅੰਦਾਜ਼ੀ ਕਰ ਰਹੀ ਹੈ ਅਤੇ ਖਾਸ ਕਰਕੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਇਆ, ਫਿਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ।

    ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸੀਜ਼ਨ ਦੇ ਆਰਡੀਐਫ ਦੇ 1100 ਕਰੋੜ ਰੁਪਏ ਹੁਣ ਤੱਕ ਪੰਜਾਬ ਨੂੰ ਜਾਰੀ ਨਹੀਂ ਕੀਤੇ।  ਉਨ੍ਹਾਂ ਕਿਹਾ ਕਿ ਅਜਿਹਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਕਿ ਪੰਜਾਬ ਦੇ ਹੱਕਾਂ ਨੂੰ ਖੋਹਣ ਅਤੇ ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਇਹ ਚੱਕਰਵਿਊ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਵੇਲੇ ਜੋ ਸਿਸਟਮ ਹੈ, ਕੇਂਦਰ ਸਰਕਾਰ ਉਨ੍ਹਾਂ ਨੂੰ ਇਕ-ਇਕ ਕਰਕੇ ਤਬਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਬੀਐਮਬੀ ਵਿੱਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਅਤੇ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਲਈ ਪੰਜਾਬ ਦੇ ਨਿਯਮਾਂ ਨੂੰ ਲਾਗੂ ਕਰਨਾ ਪੰਜਾਬ ਪੁਨਰਗਠਨ ਐਕਟ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੰਡੀਗੜ੍ਹ ਦਾ ਆਪਣਾ ਕੇਡਰ ਤਿਆਰ ਕਰਕੇ ਇਸ ਨੂੰ ਪੱਕੇ ਤੌਰ ’ਤੇ ਯੂਟੀ ਵਜੋਂ ਰੱਖਣਾ ਚਾਹੁੰਦੀ ਹੈ, ਜਦੋਂਕਿ ਇਸ ਨੂੰ ਆਰਜੀ ਤੌਰ ਉਤੇ ਯੂਟੀ ਬਣਾਇਆ ਗਿਆ ਸੀ।

    ਪ੍ਰੋ. ਚੰਦੂਮਾਜਰਾ ਨੇ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਚੰਨੀ ਨੇ ਪੰਜਾਬ ਦੇ ਮੁੱਦਿਆਂ 'ਤੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਲਿਖੀ ਚਿੱਠੀ ਦਾ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸੁਨੀਲ ਜਾਖੜ ਦੇ ਬਿਆਨ ਦਾ ਸਵਾਗਤ ਕੀਤਾ ਹੈ।  ਉਨ੍ਹਾਂ ਕਿਹਾ ਕਿ ਹੁਣ ਵੀ ਅਸੀਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਕੱਠੇ ਹੋ ਕੇ ਸੂਬੇ ਦੇ ਹੱਕਾਂ ਲਈ ਲੜਨ ਅਤੇ ਸੂਬੇ ਦੇ ਹਿੱਤਾਂ ਦੇ ਮਾਮਲੇ 'ਚ ਸਿਆਸਤ ਨਾ ਕੀਤੀ ਜਾਵੇ |
    Published by:Ashish Sharma
    First published: