ਬਠਿੰਡਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ ਸੋਮਵਾਰ ਪਿੰਡ ਨਰੂਆਣਾ ਦੀ ਦਾਣਾ ਮੰਡੀ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu), ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Sidhu), ਸਾਬਕਾ ਵਿਧਾਇਕ ਹਰਵਿੰਦਰ ਸਿੰਘ ਲਾਡੀ ਅਤੇ ਹਰਿਮੰਦਰ ਸਿੰਘ ਜੱਸੀ ਦਾ ਰੈਲੀ ਪੰਡਾਲ ਦੇ ਮੁੱਖ ਗੇਟ 'ਤੇ ਵਿਰੋਧ ਕੀਤਾ ਗਿਆ।
ਵਿਰੋਧ ਨੂੰ ਵੇਖਦੇ ਹੋਏ ਆਈ.ਜੀ. ਪੁਲਿਸ ਜਸਕਰਨ ਸਿੰਘ ਦੀ ਹਦਾਇਤ ਮੁਤਾਬਿਕ ਪੁਲਿਸ ਪ੍ਰਸ਼ਾਸਨ ਵੱਲੋਂ ਮੋਰਚੇ ਦੇ ਆਗੂਆਂ ਦੀ ਪੰਡਾਲ ਸਟੇਜ਼ 'ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ਼ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਰਾਜਾ ਵੜਿੰਗ ਨੇ ਮੋਰਚੇ ਦੇ ਆਗੂਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੈਨਲ ਮੀਟਿੰਗ ਦਾ ਭਰੋਸਾ ਦਿਵਾਇਆ ਗਿਆ।
ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮ "ਵਿਭਾਗਾਂ ਵਿੱਚ ਰੈਗੂਲਰ ਕਰਨ" ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਥਾਂ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਨਵੇਂ ਐਕਟ "ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021" ਵਿੱਚੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਬਾਹਰ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਦੇ ਵਿਰੋਧ ਵਜੋਂ ਦੇ ਮੋਰਚੇ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ-ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ-ਸ਼ਹਿਰਾਂ ਵਿੱਚ ਆਉਣ ਤੇ ਸਵਾਲ ਕਰਨ ਦੇ ਪਹਿਲਾਂ ਤੋਂ ਉਲੀਕੇ ਸੰਘਰਸ਼ ਤਹਿਤ ਅੱਜ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ,ਮੰਤਰੀਆਂ ਅਤੇ ਵਿਧਾਇਕਾਂ ਦਾ ਵਿਰੋਧ ਕੀਤਾ ਗਿਆ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਨਵੇਂ ਐਕਟ ਵਿੱਚ ਸ਼ਾਮਿਲ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਜਲਦ ਵਿਭਾਗਾਂ ਵਿੱਚ ਰੈਗੂਲਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਚੰਡ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Navjot Sidhu, Protest, Punjab Congress, Punjab government