ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਵਿਭਾਗ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ਹੇਠ ਕੁੱਲ 6997 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 1097 ਮੁਲਜ਼ਮ ਰਸੂਖ਼ਦਾਰ ਸਨ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਣੇ ਕੁੱਲ 5346 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਨਾਕੇ ਲਾਉਣ ਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 259.7 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਚਾਰ ਮਹੀਨਿਆਂ ਵਿਚ ਕੁੱਲ 406.5 ਕਿੱਲੋ ਹੈਰੋਇਨ ਦੀ ਰਿਕਵਰੀ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ’ਚੋਂ 300 ਕਿੱਲੋ ਅਫੀਮ, 197.2 ਕਿੱਲੋ ਗਾਂਜਾ, 293 ਕੁਇੰਟਲ ਭੁੱਕੀ ਤੇ ਫਾਰਮਾ ਓਪੀਓਡਜ਼ ਦੀਆਂ 27.56 ਲੱਖ ਗੋਲੀਆਂ, ਕੈਪਸੂਲ, ਟੀਕੇ ਤੇ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਆਈਜੀ ਸ੍ਰੀ ਗਿੱਲ ਨੇ ਦੱਸਿਆ ਕਿ 5 ਜੁਲਾਈ ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਹਫ਼ਤਿਆਂ ਵਿਚ ਐੱਨਡੀਪੀਐੱਸ ਕੇਸਾਂ ਵਿੱਚ ਸੱਤ ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 383 ਹੋ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Drug, Drug deaths in Punjab, Drug Mafia, Drug Overdose Death, Drug pills, Punjab Police