ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ ਦਿੱਤੇ ਅਲਟੀਮੇਟਮ ਦੀ ਅਲੋਚਨਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਨਾਦਰਸ਼ਾਹੀ ਹੁਕਮ ਜਾਰੀ ਕੀਤੇ ਹਨ ਕਿ ਹੜਤਾਲ ਉਤੇ ਗਏ ਅਫਸਰ 2 ਵਜੇ ਤੱਕ ਵਾਪਸ ਆ ਜਾਣ, ਨਹੀਂ ਤਾਂ ਸਸਪੈਂਡ ਕਰ ਦਿੱਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਇਹ ਬੜੀ ਹੀ ਮੰਦਭਾਗੀ ਗੱਲ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ। ਭਾਜਪਾ ਭ੍ਰਿਸ਼ਟਾਚਾਰ ਦੇ ਖਿਲਾਫ ਹੈ ਪਰ ਇਸ ਨੂੰ ਰੋਕਣ ਦਾ ਇਕ ਤਰੀਕਾ ਹੁੰਦਾ ਹੈ। ਸਾਰੇ ਅਫਸਰਾਂ ਨੂੰ ਨਿਰਾਸ਼ ਕਰ ਦਿਓਗੇ ਤਾਂ ਕੰਮ ਨਹੀਂ ਚੱਲਣਾ।
ਉਨ੍ਹਾਂ ਕਿਹਾ ਕਿ ਅਫਸਰਾਂ ਨੂੰ ਬੁਲਾ ਕੇ ਗੱਲ ਕਰਨੀ ਚਾਹੀਦੀ ਹੈ। ਲੋਕਤੰਤਰ ਅੰਦਰ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੋਣਾ ਚਾਹੀਦਾ ਹੈ। ਇਹ ਨਾਦਰਸ਼ਾਹੀ ਫਰਮਾਨ ਵਾਪਸ ਲੈਣਾ ਚਾਹੀਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਆਖਿਆ ਹੈ ਕਿ ਧਿਆਨ ਵਿਚ ਆਇਆ ਹੈ ਕਿ ਕੁਝ ਅਫਸਰ ਆਪਣੇ ਡਿਊਟੀ ਛੱਡ ਕੇ ਹੜਤਾਲ ਉਤੇ ਹਨ। ਇਹ ਲੋਕ ਸਰਕਾਰ ਵੱਲੋਂ ਭ੍ਰਿਸ਼ਟਚਾਰ ਖਿਲਾਫ ਚਲਾਈ ਸਖਤ ਮੁਹਿੰਮ ਦਾ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਦੇ ਰਾਹ ਵਿਚ ਅੜਿੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਫਸਰਾਂ ਦੀ ਇਹ ਹੜਤਾਲ ਬਿਲਕੁਲ ਗੈਰਕਾਨੂੰਨੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Bhagwant Mann Cabinet, BJP, BJP Protest, Punjab BJP