ਫ਼ਿਰੋਜ਼ਪੁਰ: ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੀਤੀ ਗਈ ਵੱਡੀ ਢਿੱਲ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਅਤੇ ਦਿਹਾਤੀ ਵਿਧਾਨ ਸਭਾ ਹਲਕਿਆਂ ਦੇ ਵਰਕਰਾਂ ਨੇ ਫਿਰੋਜ਼ਪੁਰ ਛਾਉਣੀ ਸਥਿਤ ਡੀਸੀ ਦਫ਼ਤਰ ਅੱਗੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਫਿਰੋਜ਼ਪੁਰ ਦੇ ਪ੍ਰਭਾਵਸ਼ਾਲੀ ਭਾਜਪਾ ਆਗੂ ਗੁਰਪਰਵੇਜ਼ ਸਿੰਘ ਸੰਧੂ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿੱਚ ਸੂਬਾ, ਡਵੀਜ਼ਨ ਅਤੇ ਸਾਰੇ ਮੋਰਚਿਆਂ ਦੇ ਅਧਿਕਾਰੀਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਮੁੱਖ ਮੰਤਰੀ ਚੰਨੀ ਦਾ ਪੁਤਲਾ ਵੀ ਸਾੜਿਆ।
ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਗੁਰਪਰਵੇਜ਼ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਸਨ ਤਾਂ ਵਿਰੋਧ ਕਿਉਂ ਕੀਤਾ ਗਿਆ? ਪ੍ਰਦਰਸ਼ਨ ਕਰ ਰਹੇ ਕਿਸਾਨ ਮੁੱਠੀ ਭਰ ਹੀ ਸਨ ਜਿਨ੍ਹਾਂ ਨੂੰ ਸੂਬਾ ਸਰਕਾਰ ਨੇ ਅੜਚਨ ਪੈਦਾ ਕਰਨ ਲਈ ਭੇਜਿਆ ਸੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਰੈਲੀ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਸੰਧੂ ਨੇ ਸੰਭਾਲੀ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਇਸ ਲਈ ਦਿਨ-ਰਾਤ ਇੱਕ ਕਰ ਰਹੇ ਸਨ।
ਸੰਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਾਰ ਵੀ ਉਹਨਾਂ ਦੇ ਖਦਸ਼ਿਆਂ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਨੇ ਪ੍ਰਧਾਨ ਮੰਤਰੀ ਦੇ ਪੋਸਟਰ ਫਾੜੇ ਜਾਣ ਦੀ ਸ਼ਿਕਾਇਤ ਕੀਤੀ ਸੀ ਪਰ ਪ੍ਰਸ਼ਾਸਨ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਪ੍ਰਧਾਨ ਮੰਤਰੀ ਛੋਟੇ ਕਿਸਾਨਾਂ ਨੂੰ ਕਈ ਤੋਹਫੇ ਦੇਣਾ ਚਾਹੁੰਦੇ ਸਨ। ਉਨ੍ਹਾਂ ਨੇ ਪੀਜੀਆਈ ਸੈਂਟਰ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਨਾ ਸੀ। ਪੰਜਾਬ ਸਰਕਾਰ ਦੀ ਇਸ ਵੱਡੀ ਅਣਗਹਿਲੀ ਕਾਰਨ ਸੂਬੇ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ ਕਾਰਨ ਹਰ ਵਰਗ ਦੁਖੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, BJP Protest, Ferozepur, Punjab Election 2022