• Home
  • »
  • News
  • »
  • punjab
  • »
  • BJP RAISES QUESTIONS OVER RS 2 LAKH COMPENSATION TO PROTESTING FARMERS

ਟਰੈਕਟਰ ਰੈਲੀ: ਪ੍ਰਦਰਸ਼ਨਕਾਰੀ ਕਿਸਾਨਾਂ ਨੂੰ 2-2 ਲੱਖ ਮੁਆਵਜ਼ੇ ਉਤੇ ਭਾਜਪਾ ਨੇ ਚੁੱਕੇ ਸਵਾਲ

ਟਰੈਕਟਰ ਰੈਲੀ: ਪ੍ਰਦਰਸ਼ਨਕਾਰੀ ਕਿਸਾਨਾਂ ਨੂੰ 2-2 ਲੱਖ ਮੁਆਵਜ਼ੇ ਉਤੇ ਭਾਜਪਾ ਨੇ ਚੁੱਕੇ ਸਵਾਲ (ਸੰਕੇਤਕ ਫੋਟੋ)

  • Share this:
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਨੂੰ ਹਮਾਇਤ ਜਾਰੀ ਰੱਖਦਿਆਂ ਅੱਜ ਐਲਾਨ ਕੀਤਾ ਹੈ ਕਿ ਉਹ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 83 ਵਿਅਕਤੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣਗੇ।

ਮੁੱਖ ਮੰਤਰੀ ਨੇ ਇਹ ਗੱਲ ਦੇਰ ਸ਼ਾਮ ਨੂੰ ਟਵੀਟ ਕਰਕੇ ਸਾਂਝੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਦੇ ਮੁਆਵਜ਼ਾ ਦੇਣ ਦੇ ਐਲਾਨ ਤੋਂ ਬਾਅਦ ਭਾਜਪਾ ਨੇ ਕਾਂਗਰਸ ਉਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਲਾਲ ਕਿਲੇ ਹਿੰਸਾ ਦੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਸਾਬਿਤ ਕਰਦਾ ਹੈ ਕਿ ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਪਿੱਛੇ ਕਾਂਗਰਸ ਸੀ, ਕਾਂਗਰਸ ਨੇ ਹਮੇਸ਼ਾਂ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਦਾ ਸਾਥ ਦਿੱਤਾ ਹੈ।

ਵਿਧਾਨ ਸਭਾ ਦੀ ਪੰਜ ਮੈਂਬਰੀ ਕਮੇਟੀ ਨੇ ਕਿਸਾਨ ਅੰਦੋਲਨ ਦੌਰਾਨ ਸਮਾਜਿਕ ਕਾਰਕੁਨਾਂ ਅਤੇ ਲੋਕਾਂ ’ਤੇ ਹੋਏ ਤਸ਼ੱਦਦ ਦੇ ਮਾਮਲੇ ਵਿਚ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਰੱਖੀ ਕਮੇਟੀ ਦੀ ਰਿਪੋਰਟ ਵਿੱਚ 26 ਜਨਵਰੀ ਨੂੰ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਨੂੰ ਸਾਜ਼ਿਸ਼ ਕਰਾਰ ਦਿੱਤਾ ਗਿਆ ਹੈ। ਕਮੇਟੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਉਚਿਤ ਮੰਚ ’ਤੇ ਉਠਾਉਣ ਤੇ ਪੀੜਤਾਂ ਦੇ ਕੇਸ ਮੁਫ਼ਤ ਲੜਨ ਲਈ ਐਡਵੋਕੇਟ ਜਨਰਲ ਦੀ ਅਗਵਾਈ ’ਚ ਸੀਨੀਅਰ ਵਕੀਲਾਂ ਦਾ ਪੈਨਲ ਬਣਾਉਣ ਸਮੇਤ ਕੁਝ ਹੋਰ ਸਿਫਾਰਸ਼ਾਂ ਕੀਤੀਆਂ ਹਨ।

ਇਸ ਸਾਲ 30 ਮਾਰਚ ਨੂੰ ਗਠਿਤ ਇਸ ਕਮੇਟੀ ਨੇ 26 ਜਨਵਰੀ ਦੀ ਹਿੰਸਾ ਮਗਰੋਂ ਸਮਾਜਿਕ ਕਾਰਕੁਨਾਂ ਅਤੇ ਲੋਕਾਂ ’ਤੇ ਹੋਏ ਤਸ਼ੱਦਦ ਦੀ ਛਾਣਬੀਣ ਲਈ ਪੀੜਤਾਂ ਨਾਲ ਮੁਲਾਕਾਤਾਂ ਕੀਤੀਆਂ ਸਨ। ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਬਣੀ ਕਮੇਟੀ ਦੇ ਮੈਂਬਰਾਂ ਵਿਚ ਸਰਵਜੀਤ ਕੌਰ ਮਾਣੂਕੇ, ਫਤਹਿਜੰਗ ਸਿੰਘ ਬਾਜਵਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਕੁਲਬੀਰ ਜੀਰਾ ਸ਼ਾਮਲ ਹਨ।

ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਫਾਰਸ਼ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਪੁਲੀਸ ਕੋਲ ਇਹ ਮਾਮਲਾ ਵੀ ਚੁੱਕੇ ਕਿ ਜੇਕਰ ਕਿਸਾਨ ਘੋਲ ਨਾਲ ਸਬੰਧਤ ਕਿਸੇ ਵਿਅਕਤੀ ਜਾਂ ਕਿਸਾਨ ਦੀ ਦਿੱਲੀ ਪੁਲੀਸ ਨੂੰ ਲੋੜ ਹੈ ਤਾਂ ਉਹ ਪਹਿਲਾਂ ਪੰਜਾਬ ਪੁਲੀਸ ਨੂੰ ਸੂਚਿਤ ਕਰੇ। ਕਮੇਟੀ ਨੇ ਕਿਹਾ ਕਿ ਐਡਵੋਕੇਟ ਜਨਰਲ ਦੀ ਨਿਗਰਾਨੀ ਹੇਠ ਸੀਨੀਅਰ ਵਕੀਲਾਂ ਦਾ ਪੈਨਲ ਬਣੇ, ਜੋ ਪੀੜਤਾਂ ਦੇ ਕੇਸ ਮੁਫ਼ਤ ਲੜੇ।
Published by:Gurwinder Singh
First published: