ਬਲਦੇਵ ਸ਼ਰਮਾ
ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋ ਆਜ਼ਾਦੀ ਸਮਾਰੋਹ ਵਿੱਚ ਸ਼ਾਮਿਲ ਹੋਣ ਤੋ ਬਾਅਦ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਹੋ ਰਹੇ ਹਨ ਜਿਸ ਦੇ ਚਲਦਿਆਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਕੇ ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਕੰਪਿਊਟਰ ਸਬੰਧੀ ਤਕਨੀਕੀ ਸਿਖਲਾਈ ਦੇ ਕੇ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਬਾਵਜੂਦ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਨੂੰ ਨਿਰਵਿਘਨ ਜਾਰੀ ਰੱਖਣ ਦਾ ਠੋਸ ਉਪਰਾਲਾ ਕੀਤਾ ਗਿਆ ਹੈ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮੁਫ਼ਤ ਸਮਾਰਟ ਫੋਨ ਦਿੱਤੇ ਜਾ ਰਹੇ ਹਨ।
ਸ਼੍ਰੀ ਕਾਂਗੜ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਦਾ ਆਧੁਨਿਕ ਤਰਜ਼ 'ਤੇ ਵਿਕਾਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਸ਼੍ਰੀ ਕਾਂਗੜ ਨੇ ਇਸ ਮੌਕੇ ਸਕੂਲ ਵਿੱਚ ਸਥਾਪਤ ਸਮਾਰਟ ਕਲਾਸ ਰੂਮਜ਼ ਦਾ ਜਾਇਜ਼ਾ ਵੀ ਲਿਆ। ਜ਼ਿਲ੍ਹਾ ਮਾਨਸਾ ਦੇ ਉਚ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਸਮੇਤ ਸਕੂਲ ਦਾ ਉਦਘਾਟਨ ਕਰਨ ਪੁੱਜੇ ਸ. ਕਾਂਗੜ ਦਾ ਸ਼ਾਨਦਾਰ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਸਕੂਲ ਦੇ ਵਿਹੜੇ ਵਿੱਚ ਸਥਾਪਤ ਆਧੁਨਿਕ ਪੜ੍ਹਾਈ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਵਸਤਾਂ ਵੀ ਦੇਖੀਆਂ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲੀ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਬਾਰਵੀਂ ਜਮਾਤ ਵਿੱਚੋਂ 98% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਕਮਲਜੀਤ ਕੌਰ, ਰਮਨਦੀਪ ਕੌਰ, ਤਰਨਪ੍ਰੀਤ ਕੌਰ ਅਤੇ ਹੀਨਾ ਨੂੰ 5100-5100 ਰੁਪਏ ਦੇ ਚੈੱਕ ਵੀ ਪ੍ਰਦਾਨ ਕੀਤੇ।ਇਸ ਤੋਂ ਇਲਾਵਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੀਤ ਗਾਇਨ ਮੁਕਾਬਲਿਆਂ ਦੀ ਜ਼ਿਲ੍ਹਾ ਪੱਧਰ 'ਤੇ ਜੇਤੂ ਵਿਦਿਆਰਥਣ ਨਿਧਾ ਨੂੰ 1100 ਰੁਪਏ ਅਤੇ ਮੈਡਲ ਦੇ ਕੇ ਕੀਤਾ ਗਿਆ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government School, Gurpreet kangar, Mansa