Home /News /punjab /

'ਆਪ' ਵੱਲੋਂ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਬਾਰੇ ਕੈਪਟਨ ਨੂੰ ਤਿੱਖੇ ਸਵਾਲ...

'ਆਪ' ਵੱਲੋਂ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਬਾਰੇ ਕੈਪਟਨ ਨੂੰ ਤਿੱਖੇ ਸਵਾਲ...

  • Share this:

ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਦੇ ਮਾਮਲੇ ਉਤੇ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਨਸ਼ੇ ਬੰਦ ਕਰਨ ਦੇ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਲਈ ਕਿਸੇ ਨਵੀਂ ਪਾਲਿਸੀ ਨਾਲੋਂ ਰਾਜਨੀਤਕ ਇੱਛਾ ਸ਼ਕਤੀ ਦੀ ਜ਼ਰੂਰਤ ਵੱਧ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੰਬੇ ਸਮੇਂ ਤੋਂ ਅਕਾਲੀਆਂ ਨੂੰ ਇਸ ਨਸ਼ੇ ਦੇ ਕਾਰੋਬਾਰ ਲਈ ਜ਼ਿੰਮੇਵਾਰ ਠਹਿਰਾ ਰਹੀ ਹੈ ਪਰੰਤੂ ਉਨ੍ਹਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ।

ਅਸਲ ਵਿੱਚ ਅਕਾਲੀ ਅਤੇ ਕਾਂਗਰਸੀ ਮਿਲ ਕੇ ਹੀ ਸੂਬੇ ਵਿਚ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਮਜਬੂਰ ਹੋ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਪਾ ਰਹੇ। ਹੇਅਰ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਉੱਤੇ ਰਾਸ਼ਟਰੀ ਪਾਲਿਸੀ ਬਣਾਉਣ ਦੀ ਗੱਲ ਕਰਨ ਵਾਲੇ ਕੈਪਟਨ ਅਮਰਿੰਦਰ ਦੱਸਣ ਕਿ ਪਹਿਲਾਂ ਤੋਂ ਨਾਰਥ ਰੀਜਨ ਦੀ ਬਣੀ ਕੋਆਰਡੀਨੇਸ਼ਨ ਕਮੇਟੀ ਦਾ ਕੀ ਬਣਿਆ।

ਇਸ ਕਮੇਟੀ ਦੀ ਕਦੇ ਕੋਈ ਮੀਟਿੰਗ ਵੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਪ੍ਰਤੀ ਸੁਹਿਰਦ ਹਨ ਤਾਂ ਐਸਟੀਐਫ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਰਿਪੋਰਟ ਜਨਤਕ ਕਰਨ। ਪੰਜਾਬ ਵਿਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਬਾਰੇ ਕੈਪਟਨ ਨੂੰ ਘੇਰਦਿਆਂ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਨੇ ਆਪਣੇ ਜ਼ਿਲ੍ਹੇ ਵਿੱਚ ਹੀ ਨਕਲੀ ਸ਼ਰਾਬ ਦੀਆਂ ਫੜੀਆਂ ਫੈਕਟਰੀਆਂ ਉੱਤੇ ਹੁਣ ਤਕ ਕੀ ਕਾਰਵਾਈ ਕੀਤੀ ਹੈ।

ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਖੁਦ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਖੁਦ ਦੇ ਸਲਾਹਕਾਰ ਇਸ ਵਿੱਚ ਲਿਪਤ ਹਨ। ਹੇਅਰ ਨੇ ਕਿਹਾ ਕਿ ਪੰਜਾਬ ਦੇ ਹਰ ਕੋਨੇ ਵਿਚ ਨਸ਼ਾ ਕਿਸੇ ਸਮੇਂ ਵੀ ਉਪਲੱਬਧ ਹੋ ਜਾਂਦਾ ਹੈ, ਅਜਿਹੇ ਹਾਲਾਤ ਵਿੱਚ ਕੈਪਟਨ ਅਮਰਿੰਦਰ ਸਿੰਘ ਬਹਾਨੇ ਬਣਾ ਕੇ ਆਪਣੀ ਜ਼ਿੰਮੇਵਾਰੀ ਇਸ ਤੋਂ ਭੱਜ ਰਹੇ ਹਨ।

Published by:Gurwinder Singh
First published:

Tags: AAP Punjab