ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਜਿਨ੍ਹਾਂ ਛੇਤੀ ਹੋ ਸਕੇ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਅਸਲੀਅਤ ਬਾਹਰ ਲਿਆਂਦੀ ਜਾ ਸਕੇ।
ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜ ਦਿਨ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਮੁਲਜ਼ਮਾ ਨੂੰ ਕਾਬੂ ਨਹੀਂ ਕਰ ਸਕੀ ਹੈ। ਇਸ ਕਰਕੇ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਾਰ ਵਿੱਚ ਮਸ਼ਹੂਰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਹੋਣਾ ਪੰਜਾਬ ਸਰਕਾਰ ਦੇ ਸੁਰੱਖਿਆਂ ਪ੍ਰਬੰਧਾਂ ਤੇ ਸਵਾਲ ਖੜ੍ਹਾ ਕਰਦਾ ਹੈ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਸੰਬਧੀ ਜਾਣਕਾਰੀ ਜਨਤਕ ਕਰਨਾ ਗੈਰਜ਼ਿੰਮੇਵਾਰੀ ਵਾਲਾ ਵਤੀਰਾ ਹੈ।
ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਦਿਨ-ਦਿਹਾੜੇ ਵਾਪਰ ਰਹੀਆਂ ਗੈਂਗਵਾਰ,ਕਤਲ ਅਤੇ ਅਪਰਾਧਿਕ ਵਾਰਦਾਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਅਜੋਕੇ ਸਮੇਂ ਦੀ ਵੱਡੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆਂ ਜਾ ਸਕੇ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।