AAP MLA Narinder Kaur Bharaj Marriage News: ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਵੇਖਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਆਪ ਵਿਧਾਇਕਾ ਭਲਕੇ ਪਟਿਆਲਾ ਦੇ ਰਹਿਣ ਵਾਲੇ ਪਰਿਵਾਰ ਦੀ ਨੂੰਹ ਬਣਨ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਹੈ।
ਉਹ ਆਮ ਆਦਮੀ ਪਾਰਟੀ ਦੇ ਹੀ ਮੈਂਬਰ ਮਨਦੀਪ ਸਿੰਘ ਲੱਖੋਵਾਲ (ਉਮਰ 29 ਸਾਲ) ਨਾਲ ਵਿਆਹ ਕਰਨ ਜਾ ਰਹੇ ਹਨ। ਮਨਦੀਪ ਸਿੰਘ ਵੀ ਆਪ ਵਿਧਾਇਕਾ ਵਾਂਗ ਕਿਸਾਨ ਪਰਿਵਾਰ ਨਾਲ ਤਾਲੁਕ ਰੱਖਦਾ ਹੈ, ਜੋ ਪਟਿਆਲਾ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀਆਂ ਰਸਮਾਂ ਵੀ ਪਟਿਆਲਾ ਵਿੱਚ ਹੋਵੇਗੀ।
ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਹਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵਿਰੋਧੀ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਚੋਣ ਜਿੱਤੀ ਸੀ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ।
ਆਪ ਵਿਧਾਇਕਾ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ।
ਕੱਲ ਭਲਕੇ ਹੋਣ ਵਾਲੇ ਨਰਿੰਦਰ ਕੌਰ ਭਰਾਜ ਦੇ ਵਿਆਹ ਵਿੱਚ ਵਿਸ਼ੇਸ਼ ਤੌਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ਼ਾਮਲ ਹੋਣਗੇ। ਇਸਤੋਂ ਇਲਾਵਾ ਕਈ ਹੋਰ ਵਿਧਾਇਕਾਂ ਦੇ ਵੀ ਸ਼ਾਮਲ ਹੋਣ ਦੀ ਖ਼ਬਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Marriage, Narinder Kaur Bharaj, Patiala, Sangrur