ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ। ਸਿੱਖ ਪੰਥ ਦੀ ਇਸ ਸਿਰਮੌਰ ਸੰਸਥਾ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਧਰਮ ਪ੍ਰਚਾਰ, ਸਿੱਖਿਆ, ਸਿਹਤ, ਸਿੱਖ ਮਸਲਿਆਂ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰ ਵਿਚ ਵੀ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀ ਇਸ ਨੁਮਾਇੰਦਾ ਸੰਸਥਾ ਨੂੰ ਤੋੜਨ ਦੇ ਯਤਨ ਹੋ ਰਹੇ ਹਨ। ਸਰਕਾਰਾਂ ਦੀ ਪੂਰੀ ਤਾਕਤ ਲੱਗੀ ਹੋਈ ਹੈ ਕਿ ਸਿੱਖਾਂ ਅੰਦਰ ਆਪਸੀ ਫੁੱਟ ਪਾ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕੀਤਾ ਜਾਵੇ, ਪਰ ਸਿੱਖ ਕੌਮ ਇਨ੍ਹਾਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਾਨਾਮੱਤੇ ਇਤਿਹਾਸ, ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੌਸ਼ਨੀ ਵਿਚ ਸਿੱਖ ਪੰਥ ਦੀ ਬੇਹਤਰੀ ਲਈ ਕਾਰਜਸ਼ੀਲ ਰਹੀ ਹੈ ਅਤੇ ਭਵਿੱਖ ਵਿਚ ਰਹੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਨਾਇਕ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਦਿੱਤੀ ਸ਼ਹਾਦਤ ਸੰਗਤਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਧਰਮ ਅਸਥਾਨਾਂ ਅਤੇ ਸੰਸਥਾਵਾਂ ਦੀ ਪਹਿਰੇਦਾਰੀ ਲਈ ਸੰਕਲਪ ਕਰਨਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: SGPC