ਚੰਡੀਗੜ੍ਹ: Pradhan Mantri Matritava Vandana Yojana: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਸਿਹਤ ਸਥਿਤੀ ਵਿੱਚ ਹੋਰ ਸੁਧਾਰ ਕਰਨ ਲਈ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਚਾਲੂ ਮਾਲੀ ਸਾਲ ਦੌਰਾਨ ਰਾਜ ਵਿੱਚ 60,912 ਮਹਿਲਾ ਲਾਭਪਾਤਰੀਆਂ ਨੂੰ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਕੀਮ ਲਈ ਕੁੱਲ 36.60 ਕਰੋੜ ਰੁਪਏ ਦਾ ਬਜਟ ਰਾਖਵਾਂ ਕੀਤਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ 19 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਤਿੰਨ ਕਿਸ਼ਤਾਂ (1000+2000+2000 ਰੁਪਏ) ਵਿੱਚ 5000 ਰੁਪਏ ਦਿੰਦੀ ਹੈ। ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ, ਇਹ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਉਨ੍ਹਾਂ ਦੇ ਪੋਸ਼ਣ ਅਤੇ ਸਿਹਤ ਸਥਿਤੀਆਂ ਵਿੱਚ ਹੋਰ ਸੁਧਾਰ ਕਰਨ ਲਈ ਦਿੱਤਾ ਜਾਂਦਾ ਹੈ।
ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr. Baljit Kaur, Life style, Skin, Skin care tips