ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ (Money Laundering) ਅਤੇ ਫਾਜਿਲਕਾ ਡਰੱਗ ਕੇਸ (Fazilka Drug Case) ਵਿੱਚ ਪਟਿਆਲਾ ਜੇਲ੍ਹ ਅੰਦਰ ਬੰਦ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਦੇ ਪਰਿਵਾਰ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੰਗਲਵਾਰ ਦੇਰ ਸ਼ਾਮ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਖਹਿਰਾ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪਾਰਟੀ ਉਨ੍ਹਾਂ ਨਾਲ ਇਸ ਔਖੀ ਘੜੀ ਵਿੱਚ ਨਾਲ ਹੈ। ਖਹਿਰਾ ਨੂੰ ਚੰਡੀਗੜ੍ਹ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। 7 ਦਿਨ ਈਡੀ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਉਹ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਖਹਿਰਾ ਦੇ ਬੇਟੇ ਮਹਿਤਾਬ ਨੇ ਕਿਹਾ ਕਿ ਸੀਐਮ ਉਨ੍ਹਾਂ ਦੇ ਘਰ ਆਉਣ ਦਾ ਮਤਲਬ ਹੈ ਕਿ ਉਨ੍ਹਾਂ ਦੇ ਪਿਤਾ ਸੱਚ ਅਤੇ ਲੋਕ ਹਿੱਤ ਲਈ ਲੜਦੇ ਰਹੇ ਹਨ। ਖਹਿਰਾ ਦੇ ਕੇਸ ਦੀ ਸੁਣਵਾਈ ਦੀ ਅਗਲੀ ਤਰੀਕ 2 ਦਸੰਬਰ ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਈਡੀ ਨੇ ਪੰਜਾਬ ਦੇ ਸਾਬਕਾ ਵਿਧਾਇਕ ਖਹਿਰਾ ਨੂੰ 11 ਨਵੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੇ ਟਿਕਾਣਿਆਂ 'ਤੇ ਕੇਂਦਰੀ ਜਾਂਚ ਏਜੰਸੀ ਨੇ ਇਸ ਸਾਲ ਮਾਰਚ 'ਚ ਛਾਪੇਮਾਰੀ ਕੀਤੀ ਸੀ।
ਈਡੀ ਨੇ ਦੋਸ਼ ਲਾਇਆ ਹੈ ਕਿ ਖਹਿਰਾ ਡਰੱਗ ਕੇਸ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਰੈਕੇਟ ਦਾ ਸਾਥੀ ਸੀ। ਈਡੀ ਨੇ ਅਦਾਲਤ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ 2016 ਵਿੱਚ ਆਮ ਆਦਮੀ ਪਾਰਟੀ (ਆਪ) ਲਈ ਖਹਿਰਾ ਨੂੰ ਅਮਰੀਕਾ ਤੋਂ ਮਿਲੇ ਫੰਡਾਂ ਦੇ ਸਰੋਤ ਦੀ ਜਾਂਚ ਕਰਨੀ ਪਵੇਗੀ। ਈਡੀ ਨੇ ਖਹਿਰਾ ਨੂੰ ਚਾਰ ਨੋਟਿਸ ਜਾਰੀ ਕੀਤੇ ਸਨ, ਪਰ ਉਨ੍ਹਾਂ ਨੇ ਸਹਿਯੋਗ ਨਹੀਂ ਦਿੱਤਾ।
ਖਹਿਰਾ 2017 ਵਿੱਚ ਕਪੂਰਥਲਾ ਦੀ ਭੁੱਲਥ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ 'ਤੇ ਵਿਧਾਨ ਸਭਾ ਲਈ ਚੁਣੇ ਗਏ ਸਨ। ਉਸਨੇ ਜਨਵਰੀ 2019 ਵਿੱਚ 'ਆਪ' ਤੋਂ ਅਸਤੀਫਾ ਦੇ ਦਿੱਤਾ ਅਤੇ ਆਪਣੀ ਸੰਸਥਾ ਪੰਜਾਬ ਏਕਤਾ ਪਾਰਟੀ ਬਣਾਈ। ਉਨ੍ਹਾਂ ਅਤੇ 'ਆਪ' ਦੇ ਤਿੰਨ ਹੋਰ ਬਾਗੀ ਵਿਧਾਇਕਾਂ ਨੇ ਇਸ ਸਾਲ ਜੂਨ 'ਚ ਅਸਤੀਫਾ ਦੇ ਦਿੱਤਾ ਸੀ। ਉਹ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।