ਨਵੀਂ ਦਿੱਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।
ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜ਼ਾ ਦੀ ਮਿਆਦ ਨਾਕਾਫ਼ੀ ਹੈ।
ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018’ ਅਤੇ ‘ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018’ ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਕਿਉਂਕਿ ਰਾਜ ਵਿੱਚ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸ਼ਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ।
ਇਸਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸੀਮਾ ਵੱਲ ਤਬਦੀਲ ਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਕਿਹਾ ਅਤੇ ਨਵੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਰਾਜ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡਾਂ ਦੀ ਕੀਤੀ ਮੰਗ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amit Shah, Bhagwant Mann, Punjab BJP, Punjab government