ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਲਈ ਵੱਡੀ ਸਹੂਲਤ ਦੇਣ ਜਾ ਰਹੀ ਹੈ। ਕਿਸਾਨ ਹੁਣ ਸਿਰਫ਼ ਇੱਕ ਫ਼ੋਨ ਕਾਲ 'ਤੇ ਬਾਗਬਾਨੀ ਮਾਹਿਰਾਂ ਦੀ ਸਲਾਹ ਲੈ ਸਕਣਗੇ। ਇਸ ਦੇ ਲਈ ਪੰਜਾਬ ਦੇ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋੜ ਪੈਣ 'ਤੇ ਕਿਸਾਨ ਉਨ੍ਹਾਂ ਤੋਂ ਸਲਾਹ ਲੈ ਸਕਣ।
ਬਾਗਬਾਨੀ ਅਪਣਾਉਣ ਲਈ ਜਾਗਰੂਕਤਾ ਮੁਹਿੰਮ
ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੇਸ਼ਮ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੀ ਪੈਦਾਵਾਰ ਅਤੇ ਪਾਲਣ-ਪੋਸ਼ਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।
ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ 2900 ਏਕੜ ਤੋਂ ਵੱਧ ਰਕਬਾ ਨਵੇਂ ਬਾਗਾਂ ਹੇਠ ਲਿਆਂਦਾ ਗਿਆ ਹੈ। ਇਸ ਤਹਿਤ ਬਾਗਾਂ ਹੇਠ ਵੱਧ ਰਕਬਾ ਲਿਆਉਣ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਸੂਬੇ ਵਿੱਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਬਕਸਿਆਂ ਦੀ ਖਰੀਦ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪੌਦੇ ਵੀ ਖਰੀਦੇ ਜਾ ਰਹੇ ਹਨ, ਜਿੱਥੇ ਰਵਾਇਤੀ ਖੇਤੀ ਲਾਹੇਵੰਦ ਨਹੀਂ ਹੈ। ਉੱਥੇ ਹੀ ਜ਼ਿਆਦਾ ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ 90 ਦੇ ਕਰੀਬ ਸੁਰੱਖਿਅਤ ਢਾਂਚੇ ਵਿਕਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰਾਂ ਦੇ 100 ਯੂਨਿਟ, ਕੋਲਡ ਸਟੋਰਾਂ 'ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Farming ideas, Farming tips, Progressive Farming, Punjab farmers