• Home
  • »
  • News
  • »
  • punjab
  • »
  • CHANDIGARH PUNJAB CENTRES DECISION TO EXTEND BSF JURISDICTION IN BORDER AREAS NOT ACCEPTABLE CHARANJIT SINGH CHANNI KS

ਸਰਹੱਦੀ ਇਲਾਕਿਆਂ 'ਚ BSF ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਦਾ ਫ਼ੈਸਲਾ ਪ੍ਰਵਾਨ ਨਹੀਂ: ਚੰਨੀ

ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ।

  • Share this:
    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਐਸ.ਐਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ਼ ਹੈ।

    ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਪਣੀ ਪੁਲਿਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅੱਤਵਾਦ ਨੂੰ ਠੱਲ੍ਹ ਪਾਈ ਗਈ ਸੀ, ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਹਾਲ ਹੋਈ।

    ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾਂ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀ.ਐਸ.ਐਫ. ਦੇ ਮੁੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ ਕਿਉਂ ਜੋ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ।


    ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੁੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੁੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ।ਚੰਨੀ ਨੇ ਅੱਗੇ ਕਿਹਾ ਕਿ ਹੁਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ੁਕ ਮੁੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭੁਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ, ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੁੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੁੱਦਾ ਫਿਰ ਵੀ ਨਹੀਂ ਸੁਲਝਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

    ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ, ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

    ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇਗਾ।

    ਇਸ ਮੌਕੇ ਹਾਜ਼ਰ ਹੋਰਨਾਂ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।
    Published by:Krishan Sharma
    First published: