• Home
  • »
  • News
  • »
  • punjab
  • »
  • CHANDIGARH PUNJAB CHIEF MINISTER CHARANAJEET SINGH CHANNI HANDED OVER APPOINTMENT LETTERS TO 747 YOUTHS IN COOPERATION DEPARTMENT KS

ਮੁੱਖ ਮੰਤਰੀ ਚੰਨੀ ਨੇ ਸਹਿਕਾਰਤਾ ਵਿਭਾਗ 'ਚ 747 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।

  • Share this:
    ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਪੰਜਾਬ ਦਿਵਸ ਮੌਕੇ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਸਹਿਕਾਰਤਾ ਵਿਭਾਗ ਵਿੱਚ 747 ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੇ ਟਵਿੱਟਰ ਅਕਾਊਂਟ 'ਤੇ ਜਾਰੀ ਪੋਸਟ ਵਿੱਚ ਇਹ ਨਿਯੁਕਤੀਆਂ ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਦੱਸੀਆਂ ਗਈਆਂ ਹਨ।

    ਚੰਨੀ ਵੱਲੋਂ ਇਹ ਨਿਯੁਕਤੀ ਪੱਤਰ ਚੰਡੀਗੜ੍ਹ-ਨਜ਼ਦੀਕ ਖਰੜ-ਲਾਂਡਰਾਂ ਰੋਡ ਉਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੌਂਪੇ ਗਏ। ਪੰਜਾਬ ਸਰਕਾਰ ਵੱਲੋਂ ਇਹ ਨਿਯੁਕਤੀਆਂ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ, ਸ਼ੂਗਰਫੈਡ ਅਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਕੀਤੀਆਂ ਗਈਆਂ ਹਨ।

    ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ।

    ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ।

    ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈ.ਟੀ.ਓ., ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

    ਰੰਧਾਵਾ ਨੇ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਪੰਜਾਬ ਦਿਵਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪਾਇਆ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ।
    Published by:Krishan Sharma
    First published: