ਚੰਡੀਗੜ੍ਹ: ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਪ੍ਰਤੀ ਮਨੁੱਖੀ ਪਹੁੰਚ ਅਪਣਾਉਂਦਿਆਂ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।
ਇਸ ਮਕਸਦ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਐਂਟੀ ਬਰਥ ਕੰਟਰੋਲ ਅਤੇ ਐਂਟੀ-ਰੇਬੀਜ਼ (ਏ.ਬੀ.ਸੀ./ ਏ.ਆਰ.) ਪ੍ਰੋਗਰਾਮ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਾਸਤੇ ਮਿਊਂਸਪਲ ਪੱਧਰ ’ਤੇ ਵੈਟਰਨਰੀ ਡਾਕਟਰਾਂ ਦੀ ਸਹਾਇਤਾ ਲਈ ਜਾਵੇਗੀ।
ਇਹ ਫੈਸਲੇ ਅੱਜ ਇੱਥੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਅਤੇ ਜਾਨਵਰਾਂ ਖ਼ਿਲਾਫ਼ ਬੇਰਹਿਮ ਰਵੱਈਏ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਏ ਗਏ।
ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੀਆਂ ਸ਼ਹਿਰੀ ਸੰਸਥਾਵਾਂ ਸਿਰਫ਼ ਉਨ੍ਹਾਂ ਪਸ਼ੂ ਭਲਾਈ ਸੰਸਥਾਵਾਂ/ ਗ਼ੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਨੂੰ ਇਸ ਕਾਰਜ ਵਿੱਚ ਸ਼ਾਮਲ ਕਰਨ ਜਿਨ੍ਹਾਂ ਨੂੰ ਏ.ਬੀ.ਸੀ./ ਏ.ਆਰ. ਪ੍ਰੋਗਰਾਮ ਨੂੰ ਚਲਾਉਣ ਲਈ ਭਾਰਤੀ ਪਸ਼ੂ ਭਲਾਈ ਬੋਰਡ ਤੋਂ ਲੋੜੀਂਦੀ ਆਗਿਆ ਮਿਲੀ ਹੋਈ ਹੈ।
ਉਨ੍ਹਾਂ ਕਿਹਾ, “ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਕੁੱਤਿਆਂ ਦੀ ਨਸਬੰਦੀ ਕਰਨ ਵਾਲੇ ਪਸ਼ੂ ਭਲਾਈ ਸੰਗਠਨਾਂ ਅਤੇ ਐਨ.ਜੀ.ਓਜ਼. ਕੋਲ ਏ.ਡਬਲਿਊ.ਬੀ.ਆਈ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਐਨੀਮਲ ਬਰਥ ਕੰਟਰੋਲ (ਡੌਗਜ਼) ਰੂਲਜ਼, 2001 ਅਨੁਸਾਰ ਲੋੜੀਂਦਾ ਬੁਨਿਆਦੀ ਢਾਂਚਾ, ਤਜ਼ਰਬਾ ਅਤੇ ਮੁਹਾਰਤ ਹਾਸਲ ਹੋਵੇ ਤਾਂ ਜੋ ਜਾਨਵਰਾਂ ਨੂੰ ਬੇਰਹਿਮੀ ਤੋਂ ਬਚਾਇਆ ਜਾ ਸਕੇ।’’
1.7 ਲੱਖ ਤੋਂ ਵੱਧ ਅਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ
ਸ੍ਰੀਮਤੀ ਮਹਾਜਨ ਨੂੰ ਦੱਸਿਆ ਗਿਆ ਕਿ ਸੂਬੇ ਭਰ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੁਣ ਤੱਕ 1.7 ਲੱਖ ਤੋਂ ਵੱਧ ਅਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।
ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਕਾਨੂੰਨ ਅਨੁਸਾਰ ਮਨੁੱਖੀ ਪਹੁੰਚ ਅਪਣਾਉਂਦਿਆਂ ਪ੍ਰਭਾਵੀ ਢੰਗ ਨਾਲ ਅਵਾਰਾ ਕੁੱਤਿਆਂ ਦੇ ਪ੍ਰਬੰਧਨ, ਰੇਬੀਜ਼ ਨੂੰ ਕੰਟਰੋਲ ਕਰਨ ਅਤੇ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸੂਬਾਈ ਅਤੇ ਜ਼ਿਲ੍ਹਾ ਪੱਧਰ ’ਤੇ ਪਹਿਲਾਂ ਹੀ ਨਿਗਰਾਨ ਅਤੇ ਲਾਗੂਕਰਨ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ।
ਮੁੱਖ ਸਕੱਤਰ ਨੇ ਵਧੀਕ ਮੁੱਖ ਸਕਤੱਰ-ਕਮ-ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਸੀਮਾ ਜੈਨ ਨੂੰ ਦਿਹਾਤੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਹੋਰ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਸ੍ਰੀਮਤੀ ਜੈਨ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਮੁਕਤਸਰ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਪਹਿਲਾਂ ਹੀ 1,041 ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।
ਜਾਨਵਰਾਂ ਨਾਲ ਬੇਰਹਿਮ ਵਿਹਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ, ‘‘ਅਵਾਰਾ ਕੁੱਤਿਆਂ ਸਮੇਤ ਜਾਨਵਰਾਂ ਖ਼ਿਲਾਫ਼ ਬੇਰਹਿਮੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dog, Punjab government, Stray dogs, Street dogs