ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ (Education Department) ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ (10,880 posts) ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਨੂੰ ਸੁਚਾਰੂ ਢੰਗ ਨਾਲ ਬਣਾਇਆ ਜਾਵੇਗਾ ਅਤੇ ਇਸ ‘ਤੇ ਤਿੱਖਾ ਧਿਆਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਬਣਾਉਣ ਅਤੇ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ ‘ਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੀ ਮਜ਼ਬੂਤ ਸਿਹਤ ਨੂੰ ਯਕੀਨੀ ਬਣਾਇਆ ਜਾ ਸਕੇ।
ਹਰੇਕ ਪਿੰਡ ਵਿੱਚ ਕਲੱਸਟਰ ਦੇ ਗਠਨ ਦੀ ਵਕਾਲਤ ਕਰਦੇ ਹੋਏ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਇੱਕ ਹੀ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ ‘ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ।
ਇਸਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਦਾ ਰਾਜ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜੋ ਭਾਰਤ ਸਰਕਾਰ (2016 ਵਿੱਚ) ਵੱਲੋਂ ਕੀਤੀ ਗਈ ਉਪਰਲੀ ਕੈਪ ਕਾਰਨ ਕੱਟੇ ਗਏ ਸਨ। ਇਸ ‘ਤੇ ਸਰਕਾਰੀ ਖਜ਼ਾਨੇ ‘ਤੇ ਲਗਭਗ 3.2 ਕਰੋੜ ਰੁਪਏ ਖਰਚ ਹੋਣਗੇ।
ਸਿਹਤ ਵਿਭਾਗ 'ਚ ਵੀ ਭਰਤੀ ਨੂੰ ਪ੍ਰਵਾਨਗੀ
ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਵਿੱਚ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Chief Minister, Education department, Government job, Punjab government, Punjab politics, Recruitment