ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadda) ਨੇ ਕਾਂਗਰਸ (congress) ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਰੇਤ ਮਾਫ਼ੀਆ ਚਲਾਉਣ ਦੇ ਲਈ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਖਿਲਾਫ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ? ਚੱਢਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਚੰਨੀ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ।
'ਆਪ' (AAP) ਆਗੂ ਨੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਚੰਨੀ ਰੇਤ ਮਾਫ਼ੀਆ ਨਾਲ ਜੁੜੇ ਹੋਏ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕਿਉਂ ਬਣਾਇਆ ਗਿਆ? ਮੁੱਖ ਮੰਤਰੀ ਬਨਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਦੇ ਛਾਪੇ 'ਚ ਕਰੋੜਾਂ ਰੁਪਏ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ 'ਚੋਂ ਮੁਅੱਤਲ ਕਿਉਂ ਨਹੀਂ ਕੀਤਾ ਗਿਆ? ਉਨ੍ਹਾਂ ਸਵਾਲ ਉਠਾਇਆ ਕਿ ਕੀ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਲੀਡਰਸ਼ਿਪ ਤੱਕ ਵੀ ਪਹੁੰਚ ਰਿਹਾ ਹੈ, ਇਸੀ ਕਰਕੇ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਚੰਨੀ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ?
ਚੱਢਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਚਮਕੌਰ ਸਾਹਿਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤਤਕਾਲੀ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲਿਖ਼ਤੀ ਤੌਰ 'ਤੇ ਸ਼ਿਕਾਇਤ ਕੀਤੀ ਸੀ, ਪਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਰੇਤ ਮਾਫ਼ੀਆ ਲਈ ਚੰਨੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਇਸਦਾ ਇਨਾਮ ਦੇ ਕੇ ਮੁੱਖ ਮੰਤਰੀ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਹੋ ਰਹੇ ਰੇਤ ਮਾਫ਼ੀਆ, ਡਰੱਗ ਮਾਫ਼ੀਆ ਅਤੇ ਹੋਰ ਮਾਫ਼ੀਆ ਦੀ ਚਿੰਤਾ ਹੁੰਦੀ ਤਾਂ ਉਹ ਰੇਤ ਮਾਫ਼ੀਆ ਨੂੰ ਚਲਾਉਣ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਕਦੇ ਵੀ ਪੰਜਾਬ ਦਾ ਮੁੱਖ ਮੰਤਰੀ ਨਾ ਬਣਾਉਂਦੀ।
ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਚੰਨੀ 'ਤੇ ਲਾਏ ਗਏ ਗੰਭੀਰ ਦੋਸ਼ਾਂ 'ਤੇ ਚੱਢਾ ਨੇ ਕਿਹਾ ਕਿ ਮਜੀਠੀਆ ਨੇ ਕਿਹਾ ਹੈ ਕਿ ਚੰਨੀ, ਉਸ ਦੇ ਰਿਸ਼ਤੇਦਾਰ ਹਨੀ ਐਂਡ ਮਨੀ (ਪੈਸਾ) ਦਾ ਇੱਕ 'ਨੇਕਸਸ' ਚਲ ਰਿਹਾ ਹੈ ਅਤੇ ਰੇਤ ਮਾਫ਼ੀਆ ਦਾ ਕਰੋੜਾਂ ਰੁਪਏ ਦਾ ਧੰਦਾ ਹੋ ਰਿਹਾ ਹੈ। ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਜੰਗਲਾਤ ਵਿਭਾਗ, ਜਿੱਥੇ ਖ਼ੁਦਾਈ ਨਹੀਂ ਹੋ ਸਕਦੀ, ਮਾਈਨਿੰਗ ਕਰਵਾਈ ਅਤੇ ਪੈਸੇ ਬਟੋਰੇ। ਮਜੀਠੀਆ ਨੇ ਚੰਨੀ 'ਤੇ 111 ਦਿਨਾਂ 'ਚ 1111 ਕਰੋੜ ਰੁਪਏ ਕਮਾਉਣ ਦਾ ਦੋਸ਼ ਲਗਾਇਆ। ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਹੁਣ ਚੰਨੀ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਾਂਗ ਬਿਕਰਮ ਮਜੀਠੀਆ 'ਤੇ ਮਾਣਹਾਨੀ ਦਾ ਮੁਕੱਦਮਾਂ ਦਰਜ ਕਰਨਗੇ?
ਚੱਢਾ ਨੇ ਕਿਹਾ ਕਿ ਅਸੀਂ ਕੁਝ ਹਫਤੇ ਪਹਿਲਾਂ ਹੀ ਮੀਡੀਆ ਦੇ ਕੈਮਰਿਆਂ ਸਾਹਮਣੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ 'ਚ ਹੋ ਰਹੇ ਰੇਤ ਮਾਫ਼ੀਆ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਰਾਹੀਂ ਇੱਥੇ ਰੇਤ ਮਾਫੀਆ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਈਡੀ ਦੀ ਛਾਪੇਮਾਰੀ 'ਚ ਮੁੱਖ ਮੰਤਰੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਸਾਡੀ ਗੱਲ ਸਹੀ ਸਾਬਤ ਹੋਈ।
ਚੱਢਾ ਨੇ ਹੈਰਾਨੀ ਜ਼ਾਹਰ ਕੀਤੀ ਕਿ ਉਨ੍ਹਾਂ ਦੇ ਸਿਰਫ਼ ਇੱਕ ਭਤੀਜੇ ਤੋਂ 11 ਕਰੋੜ ਰੁਪਏ ਮਿਲੇ ਹਨ। ਪਤਾ ਨਹੀਂ ਮੁੱਖ ਮੰਤਰੀ ਦੇ ਅਜਿਹੇ ਹੋਰ ਕਿੰਨੇ ਰਿਸ਼ਤੇਦਾਰ ਹਨ। ਜੇਕਰ ਮੁੱਖ ਮੰਤਰੀ ਚੰਨੀ 'ਤੇ ਰੇਡ ਪਏ ਤਾਂ ਅੰਦਾਜਾ ਲਗਾਉਣਾ ਮੁਸ਼ਕਲ ਹੈ ਕਿ ਕਿੰਨੇ ਰੁਪਏ ਮਿਲਣਗੇ! ਚੱਢਾ ਨੇ ਕਿਹਾ ਕਿ ਜਦੋਂ ਚੰਨੀ ਨੇ 111 ਦਿਨਾਂ 'ਚ ਇੰਨੇ ਕਰੋੜ ਬਣਾਏ, ਜੇਕਰ ਉਹ 5 ਸਾਲ ਪੰਜਾਬ ਦੇ ਮੁੱਖ ਮੰਤਰੀ ਰਹਿੰਦੇ ਤਾਂ ਫਿਰ ਕਿੰਨੇ ਪੈਸੇ ਬਣਾਉਂਦੇ! ਚੱਢਾ ਨੇ ਕਿਹਾ ਕਿ ਅੱਜ ਕੱਲ੍ਹ ਪੰਜਾਬ ਵਿੱਚ ਇੱਕ ਨਵਾਂ ਨਾਅਰਾ ਚੱਲ ਰਿਹਾ ਹੈ, ''ਗਲੀ ਗਲੀ ਵਿੱਚ ਸ਼ੋਰ ਹੈ, ਚੰਨੀ ਰੇਤ ਚੋਰ ਹੈ'।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।