Navjot Sidhu News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 5 ਕੈਦੀਆਂ ਦੀ ਰਿਹਾਈ ਨੂੰ ਮਨਜੂਰੀ ਦੇ ਦਿੱਤੀ ਹੈ। ਪਰੰਤੂ ਮਾਨ ਵਜ਼ਾਰਤ ਵੱਲੋਂ ਰਿਹਾਈ ਮਨਜੂਰ ਕੀਤੇ ਇਨ੍ਹਾਂ 5 ਕੈਦੀਆਂ ਦੀ ਸੂਚੀ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂਅ ਨਹੀਂ ਹੈ। ਮੰਨਿਆ ਜਾ ਰਿਹਾ ਹੈ ਸਿੱਧੂ ਨੂੰ ਆਪਣੀ ਸਜ਼ਾ ਪੂਰੀ ਕਰਨੀ ਪਵੇਗੀ, ਜਿਸ ਤਹਿਤ ਉਨ੍ਹਾਂ ਦੀ ਰਿਹਾਈ ਅਪ੍ਰੈਲ ਮਹੀਨੇ ਵਿੱਚ ਹੀ ਹੋਵੇਗੀ। ਦੱਸ ਦੇਈਏ ਕਿ ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ 1 ਸਾਲ ਦੀ ਸਜ਼ਾ ਕੱਟ ਰਹੇ ਹਨ।
ਇਨ੍ਹਾਂ 5 ਕੈਦੀਆਂ ਦੀ ਰਿਹਾਈ ਨੂੰ ਮਨਜੂਰੀ
ਅੰਮ੍ਰਿਤ ਮਹੋਤਸਵ ਸਕੀਮ ਤਹਿਤ ਜਿਨ੍ਹਾਂ 5 ਕੈਦੀਆਂ ਦੀ ਰਿਹਾਈ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਉਨ੍ਹਾਂ ਵਿੱਚੋਂ ਪਹਿਲੇ ਤਿੰਨ ਵਿੱਚ ਲਖਵੀਰ ਸਿੰਘ (ਕੇਂਦਰੀ ਜੇਲ੍ਹ ਫ਼ਰੀਦਕੋਟ), ਰਵਿੰਦਰ ਸਿੰਘ (ਕੇਂਦਰੀ ਜੇਲ੍ਹ ਅੰਮ੍ਰਿਤਸਰ) ਅਤੇ ਤਸਪ੍ਰੀਤ ਸਿੰਘ (ਕੇਂਦਰੀ ਜੇਲ੍ਹ ਲੁਧਿਆਣਾ) ਸ਼ਾਮਲ ਹਨ। ਬਾਕੀ ਦੋ ਜਿਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਗਈ ਹੈ, ਉਨ੍ਹਾਂ ਵਿੱਚ ਅਨਿਰੁਧ ਮੰਡਲ ਅਤੇ ਸ਼ੰਭੂ ਮੰਡਲ ਸ਼ਾਮਲ ਹਨ, ਦੋਵੇਂ ਲੁਧਿਆਣਾ ਜੇਲ੍ਹ ਵਿੱਚ ਬੰਦ ਹਨ। ਦੋਵਾਂ ਨੇ ਕਥਿਤ ਤੌਰ 'ਤੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਪਰ ਉਨ੍ਹਾਂ ਦੀ ਮਿਆਦ ਵਧਾ ਦਿੱਤੀ ਗਈ ਸੀ ਕਿਉਂਕਿ ਉਹ ਵਿੱਤੀ ਰੁਕਾਵਟਾਂ ਕਾਰਨ ਉਨ੍ਹਾਂ 'ਤੇ ਲਗਾਏ ਗਏ ਜੁਰਮਾਨੇ ਨੂੰ ਜਮ੍ਹਾ ਨਹੀਂ ਕਰਵਾ ਸਕੇ ਸਨ।
ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨੂੰ ਲੈ ਕੇ ਸਨ ਅਟਕਲਾਂ
ਪੰਜਾਬ ਮੰਤਰੀ ਮੰਡਲ ਨੇ ਰਸਮੀ ਤੌਰ 'ਤੇ ਕੇਂਦਰ ਸਰਕਾਰ ਦੀ ਅੰਮ੍ਰਿਤ ਮਹੋਤਸਵ ਯੋਜਨਾ ਤਹਿਤ ਨਵਜੋਤ ਸਿੰਘ ਸਿੱਧੂ ਦਾ ਨਾਂ ਆਪਣੇ ਏਜੰਡੇ ਵਿੱਚ ਸ਼ਾਮਲ ਨਹੀਂ ਕੀਤਾ। ਦਸੰਬਰ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ 2022 ਨੂੰ ਰਿਹਾਅ ਹੋਣ ਵਾਲੇ ਕੈਦੀਆਂ ਵਿੱਚ ਸ਼ਾਮਲ ਹੋਣਗੇ। ਉਹ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਜਨਵਰੀ ਵਿੱਚ ਮੰਤਰੀ ਮੰਡਲ ਦੇ ਫੇਰਬਦਲ ਤੋਂ ਬਾਅਦ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਦੀ ਵਾਗਡੋਰ ਸੰਭਾਲੀ ਤਾਂ ਸਿੱਧੂ ਦੀ ਰਿਹਾਈ ਦੀਆਂ ਕਿਆਸਅਰਾਈਆਂ ਹੋਰ ਵੀ ਗਰਮ ਹੋ ਗਈਆਂ। ਅੰਮ੍ਰਿਤ ਮਹੋਤਸਵ ਸਕੀਮ ਤਹਿਤ 8 ਕੈਦੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਕੇਸ ਤਿਆਰ ਕਰਨ ਤੋਂ ਬਾਅਦ ਸਿੱਧੂ ਦੇ ਰਿਹਾਅ ਹੋਣ ਦੀਆਂ ਅਫਵਾਹਾਂ ਨੇ ਫਿਰ ਜ਼ੋਰ ਫੜ ਲਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Navjot Sidhu, Punjab Congress, Punjab government, Punjab Police