ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ, ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ।
ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਮੰਗ
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।
ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅੰਮ੍ਰਿਤਸਰ ਤੋਂ ਯਾਤਰੀਆਂ ਦੀ ਕਾਫੀ ਗਿਣਤੀ ਹੈ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ। ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ।
ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰਕੇ ਸਮਝੌਤੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ।
ਧਾਲੀਵਾਲ ਨੇ ਦੱਸਿਆ ਕਿ ਸਿੰਧੀਆ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Jyotiraditya sindhiya, Punjab government