ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬੀਆਂ ਨੂੰ ਜ਼ਿੰਮੇਵਾਰੀ ਠਹਿਰਾ ਕੇ ਉਨ੍ਹਾਂ ਦੀ ਬਦਨਾਮੀ ਕਰਨ ਦੀ ਮੁਹਿੰਮ ਚਲਾਉਣ ਵਾਸਤੇ ਪੰਜਾਬੀਆਂ ਤੋਂ ਮੁਆਫੀ ਮੰਗਣ।
ਅਕਾਲੀ ਦਲ ਦੇ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬੀਆਂ ਦੀ ਬਦਨਾਮੀ ਕਰਨੀ ਪੰਜਾਬੀਆਂ ਨੂੰ ਮਹਿੰਗੀ ਪਈ ਹੈ ਕਿਉਂਕਿ ਉਨ੍ਹਾਂ ਨੂੰ ਨਾ ਸਿਰਫ ਭਾਰੀ ਜ਼ੁਰਮਾਨੇ ਹੋਏ ਬਲਕਿ ਉਨ੍ਹਾਂ ਨੂੰ ਕੇਸਾਂ ਦਾ ਵੀ ਸਾਹਮਣਾ ਕਰਨਾ ਪਿਆ ਕਿਉਂਕਿ ਕਾਂਗਰਸ ਸਰਕਾਰ ਪਰਾਲੀ ਸਾੜਨ ਵਿਚ ਕਮੀ ਲਿਆਉਣ ਲਈ ਇਸਦਾ ਕੋਈ ਬਦਲ ਦੇਣ ਦੀ ਥਾਂ ਕੇਜਰੀਵਾਲ ਦੇ ਦਰਸਾਏ ਰਾਹ ਤੁਰੀ ਹੋਈ ਸੀ।
ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਾਸੂਸ ਕਿਸਾਨਾਂ ’ਤੇ ਕੇਜਰੀਵਾਲ ਦੀ ਅਗਵਾਈ ਹੇਠ ਹੋਏ ਤੇ ਕਾਂਗਰਸ ਦੀ ਹਮਾਇਤ ਨਾਲ ਹੋਏ ਦੋਹਰੇ ਹਮਲਿਆਂ ਦਾ ਮਕਸਦ ਪੰਜਾਬੀ ਕਿਸਾਨਾਂ ਨੂੰ ਵਿਲੇਨ ਬਣਾ ਕੇ ਪੇਸ਼ ਕਰਨਾ ਸੀ, ਜਦੋਂਕਿ ਸੱਚਾਈ ਇਸਦੇ ਬਿਲਕੁਲ ਉਲਟ ਸੀ।
'ਕੇਜਰੀਵਾਲ ਦੇ ਨਾਲ ਕਾਂਗਰਸ ਵੀ ਕਿਸਾਨਾਂ ਤੋਂ ਮੁਆਫੀ ਮੰਗੇ'
ਉਨ੍ਹਾਂ ਕਿਹਾ ਕਿ ਹੁਣ ਜਦੋਂ ਸਪਸ਼ਟ ਹੋ ਗਿਆ ਹੈ ਕਿ ਦਿੱਲੀ ਦਾ ਪ੍ਰਦੁਸ਼ਣ ਉੁਦਯੋਗਿਕ ਤੇ ਟਰਾਂਸਪੋਰਟ ਸੈਕਟਰ ਦੀ ਦੇਣ ਸੀ ਤੇ ਝੋਨੇ ਦੀ ਪਰਾਲੀ ਨਾਲ ਪ੍ਰਦੂਸ਼ਣ ਵਿਚ 4 ਤੋਂ 10 ਫੀਸਦੀ ਵਾਧਾ ਹੋਇਆ ਹੈ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਕੇਜਰੀਵਾਲ ਦੇ ਰਾਹ ਅਤੇ ਹਵਾ ਪ੍ਰਦੂਸ਼ਣ ਵਿਚ ਕਮੀ ਲਿਆਉਣ ਵਾਸਤੇ ਕਿਸਾਨਾਂ ਨੂੰ ਕੋਈ ਬਦਲ ਦੇਣ ਦੀ ਥਾਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਉਨ੍ਹਾਂ ਤੋਂ ਮੁਆਫੀ ਮੰਗਦੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਕੋਈ ਬਦਲ ਨਹੀਂ ਦਿੱਤਾ।
'ਸੁਪਰੀਮ ਕੋਰਟ ਦੇ ਫੈਸਲੇ ਨਾਲ ਕੇਜਰੀਵਾਲ ਹੋਇਆ ਬੇਨਕਾਬ'
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਲਈ ਮਾੜੀ ਭਾਸ਼ਾ ਵਰਤਣ ਵਾਲੇ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਹੀ ਕਿਹਾ ਹੈ ਕਿ ਪ੍ਰਦੂਸ਼ਣ ਦੇ ਮਾਮਲੇ ’ਤੇ ਕੇਜਰੀਵਾਲ ਵੱਲੋਂ ਰਾਜਨੀਤੀ ਖੇਡੀ ਜਾ ਰਹੀ ਹੈ ਤੇ ਉਸਨੇ ਲੋਕਪ੍ਰਿਅਤਾ ਹਾਸਲ ਕਰਨ ਦੇ ਚੱਕਰ ਵਿਚ ਨਾਅਰਿਆਂ ’ਤੇ ਕਿਵੇਂ ਜਨਤਕ ਪੈਸਾ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਦਿੱਲੀ ਸਰਕਸਾਰ ਦਿੱਲੀ ਵਿਚ ਹਵਾ ਪ੍ਰਦੂਸ਼ਣ ਵਿਚ ਕਮੀ ਲਿਆਉਣ ਲਈ ਚੁੱਕੇ ਕਦਮਾਂ ਦਾ ਬਿਓਰਾ ਨਹੀਂ ਦੇ ਸਕੀ।
ਡਾ. ਚੀਮਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਏ ਜਾਣ ਨਾਲ ਆਪ ਸਰਕਾਰ ਦਾ ਉਹ ਤਰੀਕਾ ਵੀ ਬੇਨਕਾਬ ਹੋ ਗਿਆ ਹੈ ਜਿਸ ਤਹਿਤ ਉਹ ਬਿਨਾਂ ਡੱਕਾ ਤੋੜਿਆਂ ਕਰੋੜਾਂ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਇਹ ਭ੍ਰਮ ਪੈਦਾ ਕਰ ਰਹੀ ਸੀ ਕਿ ਉਹ ਕੰਮ ਕਰ ਰਹੀ ਹੈ।
ਡਾ. ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਲਜੀਤ ਸਿੰਘ ਚੰਨੀ ਨੂੰ ਵੀ ਕਿਹਾ ਕਿ ਉਹ ਪਰਾਲੀ ਸਾੜਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਨੋਟਿਸ ਲੈਣ ਅਤੇ ਪੰਜਾਬ ਦੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲੈਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਭਾਰੀ ਜ਼ੁਰਮਾਨੇ ਲਗਾਉਣ ਦੀ ਥਾਂ ਉਨ੍ਹਾਂ ਨੂੰ ਬਦਲ ਪ੍ਰਦਾਨ ਕਰਨ ਦੀ ਨੀਤੀ ਅਪਣਾਵੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।