ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ- ਪੰਜਾਬ ਲੋਕ ਕਾਂਗਰਸ (ਪੀਐਲਸੀ) ਦਾ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਰਲੇਵਾਂ ਕਰ ਸਕਦੇ ਹਨ। ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼ਨੀਵਾਰ ਨੂੰ ਇਹ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਲੰਡਨ ਤੋਂ ਪਰਤਣ ਤੋਂ ਬਾਅਦ ਇਹ ਕਦਮ ਚੁੱਕ ਸਕਦੇ ਹਨ। ਹਾਲਾਂਕਿ ਅਮਰਿੰਦਰ ਸਿੰਘ ਦੀ ਪਾਰਟੀ 'ਚ ਰਲੇਵੇਂ 'ਤੇ ਭਾਜਪਾ ਨੇ ਅਜੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਹੈ।
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ 80 ਸਾਲਾ ਅਮਰਿੰਦਰ ਸਿੰਘ ਰੀੜ੍ਹ ਦੀ ਹੱਡੀ ਦੇ ਅਪਰੇਸ਼ਨ ਤੋਂ ਬਾਅਦ ਇਨ੍ਹੀਂ ਦਿਨੀਂ ਲੰਡਨ ਵਿੱਚ ਹਨ। ਲੰਡਨ ਰਵਾਨਾ ਹੋਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕਰਨ ਦਾ ਇਰਾਦਾ ਜ਼ਾਹਰ ਕੀਤਾ ਸੀ।
ਭਾਜਪਾ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ। ਉਧਰ, ਸ਼ਨੀਵਾਰ ਨੂੰ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਗਰੇਵਾਲ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਫੈਸਲਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਲੰਡਨ ਤੋਂ ਵਾਪਸ ਆਉਣ ਤੋਂ ਬਾਅਦ ਪੀਐੱਲਸੀ ਦੇ ਭਾਜਪਾ ਵਿੱਚ ਰਲੇਵੇਂ ਦਾ ਐਲਾਨ ਕਰਨਗੇ।
ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਛੱਡ ਕੇ ਪੀਐੱਲਸੀ ਦਾ ਗਠਨ ਕੀਤਾ ਸੀ। ਪੀਐਲਸੀ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ, ਪਰ ਕੋਈ ਵੀ ਪੀਐਲਸੀ ਉਮੀਦਵਾਰ ਜਿੱਤ ਦਰਜ ਨਹੀਂ ਕਰ ਸਕਿਆ। ਅਮਰਿੰਦਰ ਖੁਦ ਪਟਿਆਲਾ ਸ਼ਹਿਰੀ ਸੀਟ ਤੋਂ ਚੋਣ ਹਾਰ ਗਏ ਸਨ।
ਪਟਿਆਲਾ ਸ਼ਾਹੀ ਪਰਿਵਾਰ ਨਾਲ ਸਬੰਧਤ ਅਮਰਿੰਦਰ ਸਿੰਘ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। 2017 ਵਿੱਚ ਵੀ ਉਨ੍ਹਾਂ ਨੇ ਕਾਂਗਰਸ ਨੂੰ ਸੂਬੇ ਵਿੱਚ ਸੱਤਾ ਵਿੱਚ ਲਿਆਂਦਾ। ਮੀਡੀਆ ਰਿਪੋਰਟਾਂ ਮੁਤਾਬਕ ਅਮਰਿੰਦਰ ਸਿੰਘ ਅਗਲੇ ਹਫਤੇ ਲੰਡਨ ਤੋਂ ਵਾਪਸ ਆ ਸਕਦੇ ਹਨ। ਇੱਥੇ ਭਾਜਪਾ ਵੀ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain, Captain Amarinder Singh, Punjab BJP