ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ।
ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵੱਲੋਂ ਉਨ੍ਹਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ, ਜਿਨ੍ਹਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਦੁਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।
ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ) ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜੀਹੀ ਤੌਰ ’ਤੇ ਸਕੂਲ ਸਟਾਫ ਲਈ ਟੀਕੇ ਦੀ ਉਪਲਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona vaccine, COVID-19, Education department, Punjab Assembly Polls 2022, Punjab Cabinet, Punjab Congress, Punjab government, Punjab School Education Board, Vijay Inder Singla