ਚੰਡੀਗੜ੍ਹ/ਅੰਮ੍ਰਿਤਸਰ : SGPC On Afghan Sikhs: ਅਫਗਾਨਿਸਤਾਨ ਦੇ ਸਿੱਖਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅਫਗਾਨਿਸਤਾਨ ਤੋਂ ਭਾਰਤ ਦੀ ਯਾਤਰਾ 'ਤੇ ਆਉਣ ਵਾਲੇ ਹਰ ਸਿੱਖ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਚੁੱਕੇਗੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ’ਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਤੇ ਕੱਲ੍ਹ ਹੀ ਦਿੱਲੀ ਵਿਖੇ ਅਫਗਾਨੀ ਸਿੱਖਾਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜਿਨ੍ਹਾਂ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀਆਂ ਤਕਲੀਫਾਂ ਬਾਰੇ ਜਾਣੂ ਕਰਵਾਇਆ ਹੈ।
ਅਫਗਾਨੀ ਸਿੱਖਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਰਹਿੰਦੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ। ਅਜਿਹੇ ਸੰਕਟਮਈ ਸਮੇਂ ਵਿਚ ਅਫਗਾਨਿਸਤਾਨ ਦੇ ਸਿੱਖਾਂ ਨਾਲ ਪੂਰੀ ਕੌਮ ਨੂੰ ਹਮਦਰਦੀ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੀ ਇਨ੍ਹਾਂ ਦਾ ਦਰਦ ਮਹਿਸੂਸ ਕਰਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ’ਚ ਆਪਣੇ ਕਾਰੋਬਾਰਾਂ ਅਤੇ ਜਾਨ ਤੋਂ ਪਿਆਰੇ ਗੁਰੂ-ਘਰਾਂ ਨੂੰ ਛੱਡ ਕੇ ਆਉਣਾ ਸਿੱਖਾਂ ਲਈ ਬਹੁਤ ਔਖਾ ਹੈ, ਪਰ ਤਲਖ ਹਾਲਾਤਾਂ ਅੱਗੇ ਉਥੇ ਰਹਿੰਦੇ ਸਿੱਖ ਬੇਵੱਸ ਹਨ। ਇਸ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਨਿਸਤਾਨ ’ਚ ਹਰ ਸਿੱਖ ਦੀ ਸੁਰੱਖਿਆ ਲਈ ਸੰਜੀਦਾ ਯਤਨ ਕਰੇ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।