ਸੰਗਰੂਰ, ਮਹਿਲ ਕਲਾਂ: Sangrur Bypoll: ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਅੱਜ ਕਿਹਾ ਕਿ ਅਕਾਲੀ ਦਲ ਸੰਗਰੂਰ ਹਲਕੇ ਦੀ ਜ਼ਿਮਨੀ ਚੋਣ ਸਿਰਫ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਾਰੀਆਂ ਪੰਥਕ ਜਥੇਬੰਦੀਆਂ ਨਾਲ ਰਲ ਕੇ ਲੜ ਰਿਹਾ ਹੈ ਤੇ ਜੇਕਰ ਕੇਂਦਰ ਸਰਕਾਰ ਸਾਡੀ ਮੰਗ ਨਾਲ ਸਹਿਮਤ ਹੋ ਜਾਂਦੀ ਹੈ ਤਾਂ ਅਸੀਂ ਤੁਰੰਤ ਚੋਣ ਮੈਦਾਨ ਵਿਚੋਂ ਲਾਂਭੇ ਹੋਣ ਲਈ ਤਿਆਰ ਹਾਂ।
ਲਹਿਰਾ ਹਲਕੇ ਵਿਚ ਪੰਥਕ ਜਥੇਬੰਦੀਆਂ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਉਮੀਦਵਾਰ ਖੜ੍ਹਾ ਕਰ ਕੇ ਬੰਦੀ ਸਿੰਘਾਂ ਨਾਲ ਹੋ ਰਹੇ ਅਣਮਨੁੱਖੀ ਵਿਵਹਾਰ ਨੂੰ ਉਜਾਗਰ ਕਰਨ ਦਾ ਫੈਸਲਾ ਕੀਤਾ ਸੀ ਤੇ ਸਾਨੂੰ ਆਸ ਹੈ ਕਿ ਇਸ ਚੋਣ ਦੀ ਬਦੌਲਤ ਬੰਦੀ ਸਿੰਘਾਂ ਨੂੰ ਨਿਆਂ ਮਿਲੇਗਾ ਤੇ ਉਹਨਾਂ ਦੀਆਂ ਤਕਲੀਫਾਂ ਦਾ ਅੰਤ ਹੋ ਜਾਵੇਗਾ।
ਇਥੇ ਮਹਿਲ ਕਲਾਂ ਹਲਕੇ ਵਿਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਨਾਲ ਕਿਸੇ ਪਾਰਟੀ ਜਾਂ ਸੂਬਾ ਸਰਕਾਰ ’ਤੇ ਕੋਈ ਅਸਰ ਨਹੀਂ ਪੈਣ ਵਾਲਾ। ਪਰ ਬੀਬਾ ਰਾਜੋਆਣਾ ਦੀ ਜਿੱਤ ਨਾਲ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਸਬੱਬ ਬਣੇਗਾ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਵੀ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਭਾਈ ਰਾਜੋਆਣਾ ਦੀ ਉਦਾਹਰਣ ਦਿੱਤੀ ਜੋ 28 ਸਾਲਾਂ ਤੋਂ ਬਗੈਰ ਪੈਰੋਲ ਦੇ ਜੇਲ੍ਹ ਵਿਚ ਕੈਦ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪ੍ਰਵਾਨਗੀ ਦੇ ਬਾਵਜੂਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੁੰ ਇਸ ਕਰ ਕੇ ਜੇਲ੍ਹ ਵਿਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 7 ਮਹੀਨਿਆਂ ਤੋਂ ਉਹਨਾਂ ਦੀ ਰਿਹਾਈ ਦੀ ਫਾਈਲ ’ਤੇ ਹਸਤਾਖ਼ਰ ਨਹੀਂ ਕਰ ਰਹੇ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਜੋ ਬੀਬਾ ਰਾਜੋਆਣਾ ਤੇ ਉਹਨਾਂ ਦੇ ਪਰਿਵਾਰ ਦੇ ਹਸ਼ਰ ਨੂੰ ਜਾਣਦੇ ਹਨ, ਉਹ ਮਹਿਸੂਸ ਕਰਦੇ ਹਨ ਕਿ ਬੰਦੀ ਸਿੰਘਾਂ ਨੁੰ ਉਹ ਨਿਆਂ ਮਿਲਣਾ ਚਾਹੀਦਾ ਹੈ ਜਿਸਦੇ ਉਹ ਹੱਕਦਾਰ ਹਨ। ਉਹਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਉਹ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੋਟਾਂ ਪਾਉਣਗੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਦੋਂ ਉਹਨਾਂ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਤੀਜਾ ਜਾਂ ਚੌਥਾ ਸਥਾਨ ਮਿਲੇਗਾ। ਉਹਨਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਕਰ ਕੇ ਔਖੇ ਹਨ ਕਿਉਂਕਿ ਉਹਨਾਂ ਨੇ ਉਹਨਾਂ ਦਾ ਵਿਸ਼ਵਾਸ ਤੋੜਿਆ ਹੈ। ਉਹਨਾਂ ਕਿਹਾ ਕਿ ਚੋਣਾਂ ਵਿਚ ਉਹ ਉਹਨਾਂ ਖਿਲਾਫ ਗੁੱਸਾ ਕੱਢਣਗੇ।
ਸਾਂਝੇ ਪੰਥਕ ਉਮੀਦਵਾਰ ਬੀਬਾ ਰਾਜੋਆਣਾ ਬਾਰੇ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਤਾਂ ਅਕਾਲੀ ਦਲ ਦੇ ਮੈਂਬਰ ਵੀ ਨਹੀਂ ਹਨ। ਉਹ ਤਾਂ ਸਿਰਫ ਇਸ ਕਰ ਕੇ ਚੋਣਾਂ ਲੜ ਰਹੇ ਹਨ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇਸ ਮਾਮਲੇ ’ਤੇ ਸੰਦੇਸ਼ ਜਾਰੀ ਕੀਤਾ ਜਿਸਦੀ ਉਹ ਪਾਲਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਬੀਬਾ ਰਾਜੋਆਣਾ ਨੇ ਅਤਿਵਾਦ ਦੇ ਦਿਨਾਂ ਵਿਚ ਬਹੁਤ ਸੰਤਾਪ ਹੰਢਾਇਆ ਹੈ ਤੇ ਉਹਨਾਂ ਦੀ ਭੈਣ ਤੇ ਭਰਾ ਨੂੰ ਪੁਲਿਸ ਨੇ ਮਾਰ ਮੁਕਾਇਆ।
ਅਕਾਲੀ ਦਲ ਦੇ ਪ੍ਰਧਾਨ ਨੇ ਭਖਤਗੜ੍ਹ, ਬੀਹਲਾ, ਕੁਤਬਾ, ਹਮੀਦੀ ਤੇ ਸ਼ੇਰਪੁਰ ਵਿਚ ਚੋਣ ਮੀਟਿੰਗਾਂ ਨੁੰ ਸੰਬੋਧਨ ਕੀਤਾ। ਇਸ ਮੌਕੇ ਚਰਨਜੀਤ ਸਿੰਘ ਅਟਵਾਲ, ਵਿਰਸਾ ਸਿੰਘ ਅਟਵਾਲ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਜਿੰਦੂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ ਤੇ ਸਤਿੰਦਰਜੀਤ ਸਿੰਘ ਮੰਟਾ ਨੇ ਵੀ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab politics, Sangrur bypoll, Shiromani Akali Dal, Sukhbir Badal