Sukhbir Singh Badal : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪੁਲਿਸ ਸਟੇਸ਼ਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਕੀਤੀ ਕਾਰਵਾਈ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਥ ਦੀ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਜੋ ਵੀ ਬੀਤੇ ਦਿਨ ਅਜਨਾਲਾ ਵਿਖੇ ਹੋਇਆ, ਉਸਦਾ ਹਰ ਕਿਸੇ ਨੇ ਬੁਰਾ ਮਨਾਇਆ ਹੈ। ਉਧਰ, ਜਦੋਂ ਨਿਊਜ਼18 ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਮਾਮਲੇ *ਤੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਨੂੰ ਰਾਜਨੀਤਕ ਦਾਅ ਦੱਸਿਆ।
'ਬਾਦਲ ਪਰਿਵਾਰ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ'
ਸੁਖਬੀਰ ਬਾਦਲ ਨੇ ਕਿਹਾ ਕਿ ਇਸ ਪਿੱਛੇ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਵੀ ਸੀ, ਪਰੰਤੂ ਹਾਈਕੋਰਟ ਨੇ ਜੋ ਫੈਸਲਾ ਦਿੱਤਾ, ਉਹ ਸਭ ਨੂੰ ਪਤਾ ਹੈ, ਕੀ ਹੋਇਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦਾ ਸਪੀਕਰ ਬਰਗਾੜੀ ਧਰਨੇ ਵਿਚ ਗਿਆ ਅਤੇ ਫਿਰ ਹੁਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੋਰਚੇ ਵਿੱਚ ਜਾ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਨਾਂਅ ਪਾਵਾਂਗੇ।
'ਅਜਨਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ'
ਅਜਨਾਲਾ ਘਟਨਾ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਅਤੇ ਵਿਰੋਧੀ ਪਾਰਟੀਆਂ ਭਾਈਚਾਰਕ ਮਾਹੌਲ ਨੂੰ ਖਰਾਬ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਵਿੱਚ ਜੋ ਕੁੱਝ ਵੀ ਹੋਇਆ, ਉਹ ਬਹੁਤ ਬੁਰਾ ਹੋਇਆ, ਜਿਸ ਦੀ ਹਰ ਇੱਕ ਨਿਖੇਧੀ ਕਰਦੇ ਹਨ ਅਤੇ ਉਹ ਵੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦਾ ਅਸਲੀ ਵਾਰਿਸ ਹੈ, ਜਿਸ ਨੇ ਸਿੱਖ ਪੰਥ ਲਈ ਮੋਰਚੇ ਲਾਏ ਹਨ। ਉਨ੍ਹਾਂ ਪੰਜਾਬੀਆਂ ਨਾਲ ਵਾਅਦਾ ਕੀਤਾ ਕਿ ਉਹ ਭਾਈਚਾਰਕ ਸਾਂਝ ਨੂੰ ਟੁੱਟਣ ਨਹੀਂ ਦੇਣਗੇ, ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ।
ਸੁਖਬੀਰ ਬਾਦਲ ਨੇ ਕਿਹਾ ਕਿ ਬੀਤੇ ਦਿਨ ਗੁਰੂ ਗ੍ਰੰਥ ਸਾਹਿਬ ਦੀ ਆੜ ਵਿੱਚ ਉਸ ਪੁਲਿਸ ਸਟੇਸ਼ਨ 'ਤੇ ਕਬਜ਼ਾ ਕੀਤਾ ਗਿਆ, ਜਿਥੇ ਸ਼ਰਾਬ, ਡਰੱਗ ਵਾਲੇ ਗੁਨਾਹਗਾਰ ਰੱਖੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੈ।
ਸੂਤਰਾਂ ਅਨੁਸਾਰ ਕੋਟਕਪੂਰਾ ਗੋਲੀਕਾਂਡ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਗਈ ਹੈ। 1400 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਕਈ ਹੋਰ ਪੁਲਿਸ ਅਧਿਕਾਰੀਆਂ ਦੇ ਨਾਂਅ ਵੀ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Behbal Kalan, Guru Granth Sahib, Kotkapura firing, Parkash Singh Badal, Shiromani Akali Dal, Sukhbir Badal